- ਦਰਿਆ ਵਿੱਚ ਹੁਣ ਪਾਣੀ ਦਾ ਪੱਧਰ ਘੱਟਣ ਨਾਲ ਹਾਲਾਤ ਕਾਬੂ ਹੇਠ
- ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਨੂੰ ਹੋਰ ਮਜ਼ਬੂਤ ਕਰਨ ਲਈ ਰਾਹਤ ਕਾਰਜ ਜਾਰੀ
- ਸਥਾਨਕ ਪਿੰਡਾਂ ਦੇ ਲੋਕਾਂ ਵੱਲੋਂ ਰਾਹਤ ਕਾਰਜਾਂ ਵਿੱਚ ਨਿਭਾਈ ਜਾ ਰਹੀ ਹੈ ਵੱਡੀ ਭੂਮਿਕਾ
ਤਰਨ ਤਾਰਨ, 13 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ 241 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪਾਣੀ ਦੀ ਭਾਰੀ ਮਾਰ ਹੇਠ ਆਏ ਇਲਾਕਿਆਂ ਵਿੱਚੋਂ ਲੱਗਭੱਗ 1200 ਪਸ਼ੂਆਂ ਨੂੰ ਬਾਹਰ ਕੱਢਿਆ ਗਿਆ।ਪਸ਼ੂਆਂ ਲਈ ਹਰਾ ਤੇ ਸੁੱਕਾ ਚਾਰਾ ਪ੍ਰਭਾਵਿਤ ਪਿੰਡਾਂ ਵਿੱਚ ਕਿਸਾਨਾਂ ਨੂੰ ਵੰਡਿਆ ਗਿਆ ਹੈ। ਉਹਨਾਂ ਦੱਸਿਆ ਕਿ ਦਰਿਆ ਵਿੱਚ ਹੁਣ ਪਾਣੀ ਦਾ ਪੱਧਰ ਘੱਟ ਹੋਇਆ ਹੈ ਅਤੇ ਹਾਲਾਤ ਕਾਬੂ ਹੇਠ ਹਨ। ਉਹਨਾਂ ਦੱਸਿਆ ਕਿ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਨੂੰ ਹੋਰ ਮਜ਼ਬੂਤ ਕਰਨ ਲਈ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਹਰੀਕੇ ਹੈੱਡ ਵਰਕਸ ਨੇੜੇ ਪਿੰਡ ਘੜੁੰਮ ਅਤੇ ਮੁੱਠਿਆਂਵਾਲਾ ਨੇੜੇ ਬੰਨ੍ਹ ਹੇਠ ਪਾਣੀ ਰਿਸਣ ਦਾ ਪਤਾ ਲਗਦਿਆਂ ਹੀ ਡਰੇਨੇਜ਼ ਵਿਭਾਗ ਵੱਲੋਂ ਸਥਾਨਕ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੰਨ੍ਹ ਨੂੰ ਮਿੱਟੀ ਦੇ ਬੋਰੇ ਭਰਕੇ ਰਿਸਾਅ ਨੂੰ ਰੋਕ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਲੋਕਾਂ ਨੂੰ ਭਰੋਸਾ ਦੁਆਇਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਇਸ ਔਖੀ ਘੜੀ ਵਿੱਚ ਹਰ ਸੰਭਵ ਮੱਦਦ ਮੁਹੱਈਆ ਕਰਵਾਈ ਜਾਵੇਗੀ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ’ਤੇ ਯਕੀਨ ਨਾ ਕਰਨ ਅਤੇ ਜੇਕਰ ਕੋਈ ਵਿਅਕਤੀ ਅਫ਼ਵਾਹਾਂ ਫੈਲਾਉਂਦਾ ਹੈ ਤਾਂ ਉਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਤੁਰੰਤ ਸੂਚਨਾ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਕੰਟਰੋਲ ਰੂਮ ਸਥਾਪਿਤ ਕਰਕੇ ਲੋਕਾਂ ਦੀ ਹਰ ਸਮੱਸਿਆ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਦੱਸਿਆ ਕਿ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਐਨ. ਡੀ. ਆਰ. ਐਫ., ਪੰਜਾਬ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵਲੋਂ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਰਹੀ ਹੈ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੀਮਾਂ ਬਣਾ ਕੇ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਕੀਤੇ ਜਾ ਰਹੇ ਹਨ। ਡਰੇਨਾਂ ਦੀ ਮੁਰੰਮਤ, ਕੁਦਰਤੀ ਡਰੇਨਾਂ ਨੂੰ ਰੇਤ ਦੀਆਂ ਬੋਰੀਆਂ ਨਾਲ ਬੰਨ੍ਹਣ ਅਤੇ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਜਾ ਰਿਹਾ ਹੈ। ਉਨ੍ਹਾਂ ਦੱਸਿਆ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤ ਲਈ 07 ਰਾਹਤ ਕੇਂਦਰ ਬਣਾਏ ਗਏ ਹਨ ਜਿਥੇ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਆਏ ਹੜ੍ਹਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ, ਨੌਜਵਾਨ ਕਲੱਬਾਂ ਅਤੇ ਆਮ ਲੋਕਾਂ ਵਲੋਂ ਵੀ ਇਸ ਔਖੀ ਘੜੀ ਵਿੱਚ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ।