- ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਲਿਆ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਵੱਲੋਂ ਬਣਾਏ ਗਏ ਮੀਡੀਆ ਸੈੱਲ ਦਾ ਜਾਇਜ਼ਾ
ਤਰਨ ਤਾਰਨ 02 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ‘ਤੇ ਨਜ਼ਰ ਰੱਖਣ ਲਈ ਅੱਜ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ ਸਰਟੀਫਿਕੇਸਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਵੱਲੋਂ ਸਥਾਪਿਤ ਕੀਤੇ ਗਏ ਮੀਡੀਆ ਸੈੱਲ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਮੀਡੀਆ ਸੈੱਲ ਦੀ ਟੀਮ ਨੂੰ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖਬਰਾਂ ਅਤੇ ਝੂਠੀਆਂ ਖਬਰਾਂ ‘ਤੇ ਰੱਖੀ ਜਾ ਰਹੀ ਨਜ਼ਰਸਾਨੀ ਲਈ ਹੋਰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰ ‘ਤੇ ਬਣੀ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਵੱਲੋਂ ਪਿ੍ਰੰਟ ਮੀਡੀਆ ਤੋਂ ਇਲਾਵਾ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ 24 ਘੰਟੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਲੈਕਟਰੋਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਈ-ਪੇਪਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰਬਾਜ਼ੀ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤੀ ਜਾ ਸਕਦੀ ਹੈ। ਇਸੇ ਤਰਾਂ ਪ੍ਰਿੰਟ ਮੀਡੀਆ ਵਿੱਚ ਵੋਟਾਂ ਵਾਲੇ ਦਿਨ ਅਤੇ ਵੋਟਾਂ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਛਪ ਸਕਦਾ ਹੈ।ਉਹਨਾਂ ਕਿਹਾ ਕਿ ਪੋਸਟਰ ਪੈਫਲਟ ਆਦਿ ਉੱਪਰ ਪ੍ਰਿੰਟਰ ਅਤੇ ਪਬਲਿਸ਼ਰ ਦਾ ਨਾਂ ਛਪਿਆ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵੱਲੋਂ ਚੋਣਾਂ ਦੌਰਾਨ ਲੋਕਾਂ ਨੂੰ ਵੋਟ ਅਧਿਕਾਰ ਪ੍ਰਤੀ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ ਪਰ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਤੇ ਆਉਣ ਵਾਲੀਆਂ ਖਬਰਾਂ ਦੀ ਪੁਸ਼ਟੀ ਕੀਤੇ ਬਿਨਾਂ ਉਹਨਾਂ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ ਤਾਂ ਜੋ ਝੂਠੀਆਂ ਖਬਰਾਂ ਦੇ ਪਸਾਰ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰ ‘ਤੇ ਬਣੇ ਚੋਣ ਕੰਟਰੋਲ ਰੂਮ ਦਾ ਵੀ ਨਿਰੀਖਣ ਕੀਤਾ ਗਿਆ ਅਤੇ ਉਹਨਾਂ ਦੱਸਿਆ ਕਿ ਜ਼ਿਲ੍ਹਾ ਵਾਸੀ ਚੋਣਾਂ ਅਤੇ ਚੋਣ ਜ਼ਾਬਤੇ ਸੰਬੰਧੀ ਕੋਈ ਵੀ ਸ਼ਿਕਾਇਤ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 01852-294320 ਅਤੇ ਹੈੱਲਪ ਲਾਈਨ ਨੰਬਰ 1950 ‘ਤੇ ਕਰ ਸਕਦੇ ਹਨ। ਇਸ ਤੋਂ ਬਿਨ੍ਹਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸੀ-ਵਿਜ਼ਲ ਐਪ ‘ਤੇ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ।