- ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ
ਗੁਰਦਾਸਪੁਰ, 8 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਕਿਸਾਨਾਂ ਨੂੰ ਰਿਆਇਤੀ ਦਰਾਂ `ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ਉੱਤੇ ਸਰਫੇਸ ਸੀਡਰ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ 10 ਸਤੰਬਰ 2023 ਤੱਕ ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ agrimachinerypb.com `ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਵਿਅਕਤੀਗਤ ਕਿਸਾਨਾਂ ਨੂੰ 40,000 ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ, ਜਦੋਂ ਕਿ ਕਸਟਮਰ ਹਾਇਰਿੰਗ ਸੈਂਟਰ ਸਰਫੇਸ ਸੀਡਰ ਦੀ ਖਰੀਦ `ਤੇ 64,000 ਰੁਪਏ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਨੂੰ ਬਚਾਉਣ ਲਈ ਸੂਬੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਸਬੰਧੀ ਮਾਮਲਿਆਂ ਨੂੰ ਜ਼ੀਰੋ `ਤੇ ਲਿਆਉਣ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਸਬੰਧੀ ਹੋਰ ਮਸ਼ੀਨਰੀ ਦੀ ਖਰੀਦ `ਤੇ ਵੀ ਸਬਸਿਡੀਆਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫ੍ਰੀ ਨੰਬਰ 1800-180-1551 `ਤੇ ਕਾਲ ਕਰ ਸਕਦੇ ਹਨ ਜਾਂ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਮਸ਼ੀਨੀਕਰਨ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਬਚਾ ਸਕਦੇ ਹਨ।