ਕਿਸਾਨਾਂ ਨੂੰ ਫਸਲ ਦੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਹੀ ਵਾਹੁਣ ਦੀ ਕੀਤੀ ਅਪੀਲ

ਬਟਾਲਾ, 28 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਪਰਾਲੀ ਨਾ ਸਾੜਨ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚਲਦਿਆ ਅੱਜ ਐੱਸ.ਡੀ.ਐੱਮ.ਬਟਾਲਾ, ਵਿਰਕਮਜੀਤ ਸਿੰਘ ਵੱਲੋਂ ਪਿੰਡ ਮਿਸ਼ਰਪੁਰਾ, ਛਾਪਿਆਂਵਾਲੀ, ਚੂਹੇਵਾਲ, ਬੱਸਰਪੁਰਾ, ਰੰਗੀਲਪੁਰ, ਤਾਰਾਗੜ੍ਹ,  ਫੁਲਕੇ ਅਤੇ ਜੈਤੋ ਸਰਜਾ, ਸਮੇਤ ਵੱਖ- ਵੱਖ  ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਜਗਤਾਰ ਸਿੰਘ, ਨਾਈਬ ਤਹਿਸੀਲਦਾਰ ਮਨਜੋਤ ਸਿੰਘ, ਪਰਮਬੀਰ ਸਿੰਘ ਕਾਹਲੋਂ ਏਡੀਓ, ਏਈਓ, ਸੁਖਜਿੰਦਰ ਸਿੰਘ, ਏਈਓ ਸਰੂਪਵਾਲੀ ਨਰਿਪਜੀਤ ਕੌਰ, ਐੱਸ.ਐੱਚ.ਓ. ਸਮੇਤ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆ ਐੱਸ.ਡੀ.ਐੱਮ.ਬਟਾਲਾ, ਸ਼੍ਰੀ ਵਿਰਕਮਜੀਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਫਸਲ ਦੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਹੀ ਵਾਹੁਣ ਦੀ ਅਪੀਲ ਕੀਤੀ ਗਈ ਅਤੇ ਨਾਲ ਉਨ੍ਹਾਂ ਨੂੰ ਕਿਹਾ ਕਿ ਪਰਾਲੀ ਪ੍ਰੰਬਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਵੱਲੋਂ ਕਿਸਾਨਾਂ ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਪਰਾਲੀ ਨਾ ਸਾੜਨ ਦੇ ਫਾਇਦਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਅਗਾਂਹਵਧੂ ਕਿਸਾਨ, ਜਿਨ੍ਹਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਸੀ, ਉਨ੍ਹਾਂ ਦੀ ਹੋਂਸਲਾ ਅਫਜਾਈ ਕੀਤੀ ਗਈ ਅਤੇ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲ਼ੋਂ ਅਗਾਂਹਵਧੂ ਕਿਸਾਨਾਂ ਨੂੰ ਵਾਤਾਵਰਨ ਦੇ ਰੱਖਵਾਲੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।  ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 ਤੇ ਸੰਪਰਕ ਕਰਨ।