
ਖਡੂਰ ਸਾਹਿਬ, 21 ਅਪ੍ਰੈਲ 2025 : ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪੂਰਨ ਸਹਿਯੋਗ ਅਤੇ ਸੁਚਾਰੂ ਪ੍ਰਬੰਧਾਂ ਦਾ ਭਰੋਸਾ ਦਿੱਤਾ ਹੈ। ਸ. ਲਾਲਪੁਰਾ ਨੇ ਹਲਕਾ ਖਡੂਰ ਸਾਹਿਬ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕਣਕ ਦੀ ਖਰੀਦ, ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਸਹੂਲਤ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ, "ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਦੀ ਖੁਸ਼ਹਾਲੀ ਅਤੇ ਖੇਤੀਬਾੜੀ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਖਡੂਰ ਸਾਹਿਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ਤੇ ਸੁਚਾਰੂ ਢੰਗ ਨਾਲ ਜਾਰੀ ਹੈ। ਅਸੀਂ ਇਹ ਯਕੀਨੀ ਬਣਾ ਰਹੇ ਹਾਂ, ਕਿ ਕਿਸਾਨਾਂ ਨੂੰ ਨਾ ਸਿਰਫ਼ ਸਮੇਂ ਸਿਰ ਭੁਗਤਾਨ ਮਿਲੇ, ਸਗੋਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਪੀਣ ਵਾਲਾ ਪਾਣੀ ਅਤੇ ਹੋਰ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਹੋਣ। ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਲੰਮੀਆਂ ਕਤਾਰਾਂ ਜਾਂ ਫਸਲ ਦੀ ਲਿਫਟਿੰਗ ਵਿੱਚ ਦੇਰੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਮੁਸਕਿਲ ਦੀ ਸਥਿਤੀ ਵਿੱਚ ਉਹ ਸਿੱਧੇ ਉਨ੍ਹਾਂ ਦੇ ਦਫ਼ਤਰ ਜਾਂ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਇਸ ਗੱਲ ਲਈ ਸ਼ਲਾਘਾ ਕੀਤੀ ਕਿ ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਕਿਸਾਨ-ਅਨੁਕੂਲ ਬਣਾਇਆ ਗਿਆ ਹੈ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਭੁਗਤਾਨ ਦੀ ਵਿਵਸਥਾ ਵੀ ਸ਼ਾਮਲ ਹੈ। ਉਹਨਾਂ ਨੇ ਕਿਹਾ ਕਿ ਮੇਰੀ ਦਫਤਰ ਦੀ ਟੀਮ ਵੀ ਵੱਖ-ਵੱਖ ਮੰਡੀਆਂ ਦੇ ਵਿੱਚ ਜਾ ਕੇ ਪ੍ਬੰਧਾਂ ਦਾ ਜਾਇਜਾ ਲੈ ਰਹੀ ਹੈ। ਸ. ਲਾਲਪੁਰਾ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਅਤੇ ਸਨਮਾਨ ਲਈ ਹਰ ਸੰਭਵ ਯਤਨ ਜਾਰੀ ਰੱਖੇਗੀ।