ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਸਬੰਧੀ ਸਮਾਗਮ

ਬਟਾਲਾ, 30 ਜਨਵਰੀ 2025 : ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਸਬੰਧੀ, ਦਫਤਰ ਐਸ.ਡੀ.ਐਮ ਬਟਾਲਾ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਐਸ.ਡੀ.ਐਮ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਐਸ.ਡੀ.ਐਮ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਨੇ ਕਿਹਾ ਕਿ ਅੱਜ ਪੂਰੇ ਭਾਰਤ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕਰਵਾਏ ਗਏ ਹਨ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ। ਉਨਾਂ ਕਿਹਾ ਸ਼ਹੀਦਾਂ ਨੂੰ ਸਰਧਾਂਜਲੀ ਇਹੀ ਹੋਵੇਗੀ ਕਿ ਅਸੀ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਬਣਦੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਈਏ ਅਤੇ ਆਪਸੀ ਭਾਈਚਾਰਕ ਸਾਂਝ ਤੇ ਅਮਨ–ਸ਼ਾਂਤੀ ਲਈ ਆਪਣਾ ਬਣਦਾ ਯੋਗਦਾਨ ਪਾਈਏ। ਉਨਾਂ ਅੱਗੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਤਰਾਂ ਪ੍ਰਸੰਗਿਕ ਹਨ ਅਤੇ ਸਾਨੂੰ ਉਨਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਣੀ ਚਾਹੀਦੀ ਹੈ। ਉਨਾਂ ਨੇ ਅਹਿੰਸਾ ਦਾ ਉਪਦੇਸ਼ ਦਿੱਤਾ ਤੇ ਸਾਂਝੀਵਾਲਤਾ ਅਤੇ ਅਮਨ-ਸਾਂਤੀ ਲਈ ਆਪਣਾ ਬਲੀਦਾਨ ਦਿੱਤਾ, ਜੋ ਸਾਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨਾਂ ਕਿਹਾ ਕਿ ਅੱਜ ਦੇ ਦਿਨ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀ ਸ਼ਹੀਦਾਂ ਵਲੋਂ ਸੰਜੋਏ ਸੁਪਨੇ ਸਾਕਾਰ ਕਰੀਏ ਅਤੇ ਦੇਸ਼ ਦੀ ਮਜ਼ਬੂਤੀ ਲਈ ਅੱਗੇ ਆਈਏ। ਇਸ ਮੌਕੇ ਰਾਜਵਿੰਦਰ ਸਿੰਘ, ਸੁਖਦੇਵ ਸਿੰਘ, ਲਖਬੀਰ ਸਿੰਘ ਅਤੇ ਅਰਸ਼ਦੀਪ ਸਿੰਘ ਆਦਿ ਹਾਜਰ ਸਨ।