
- ਸਕੂਲੀ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਦੀ ਕੀਤੀ ਤਿਆਰੀ
- ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ
ਗੁਰਦਾਸਪੁਰ, 17 ਜਨਵਰੀ 2025 : ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਅੱਜ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਪਹਿਲੀ ਰਿਹਰਸਲ ਕਰਵਾਈ ਗਈ। ਇਸ ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ਸਮਾਗਮ ਮੌਕੇ ਪੇਸ਼ ਕੀਤੇ ਜਾਣ ਵਾਲੇ ਦੇਸ਼ ਭਗਤੀ ਤੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਕੀਤੀ ਗਈ। ਇਸ ਰਿਹਰਸਲ ਦਾ ਨਿਰੀਖਣ ਕਰਨ ਲਈ ਸਹਾਇਕ ਕਮਿਸ਼ਨਰ (ਜ) ਸ੍ਰੀ ਅਦਿੱਤਿਆ ਗੁਪਤਾ ਤੇ ਐੱਸ.ਡੀ.ਐੱਮ ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਨੂੰ ਦੇਖਿਆ ਅਤੇ ਉਨ੍ਹਾਂ ਦੇ ਸੁਧਾਰ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਸਹਾਇਕ ਕਮਿਸ਼ਨਰ (ਜ) ਸ੍ਰੀ ਅਦਿੱਤਿਆ ਗੁਪਤਾ ਨੇ ਕਿਹਾ ਕਿ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਲਾਜ਼ਮੀ ਹੈ ਅਤੇ ਸਾਰੇ ਆਪਣਾ ਫ਼ਰਜ਼ ਸਮਝਦੇ ਹੋਏ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ। ਇਸਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਨੂੰ ਵਧਾਉਣ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਅਦਿੱਤਿਆ ਗੁਪਤਾ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਹਰ ਵਿਭਾਗ ਆਪਣੇ ਜ਼ਿੰਮੇ ਆਈ ਡਿਊਟੀ ਨੂੰ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਵੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਪੇਸ਼ ਕੀਤੀਆਂ ਜਾਣ ਵਾਲੀਆਂ ਝਾਕੀਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦਰਸਾਇਆ ਜਾਵੇ ਅਤੇ ਇਸ ਸਬੰਧੀ ਤਿਆਰੀ ਵੀ ਮੁਕੰਮਲ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਇਸ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇ।