ਜਲੰਧਰ : ਪੰਜਾਬ ਦੇ ਖੁਰਾਕ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਝੋਨਾ ਖ਼ਰੀਦ ਹੋਣ ਤੋਂ ਕੁਝ ਘੰਟਿਆਂ ਬਾਅਦ ਹੀ ਅਦਾਇਗੀਆਂ ਉਨ੍ਹਾਂ ਦੇ ਖਾਤਿਆਂ ਵਿੱਚ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 13.25 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਮੰਡੀਆਂ ਵਿੱਚ ਹੋ ਚੁੱਕੀ ਹੈ, ਜਿਸ ਵਿੱਚੋਂ 12.50 ਲੱਖ ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 1325 ਕਰੋੜ ਰੁਪਏ ਦੀਆਂ ਅਦਾਇਗੀਆਂ ਕਿਸਾਨਾਂ ਦੇ ਖਾਤਿਆਂ ਵਿੱਚ ਹੋ ਚੁੱਕੀਆਂ ਹਨ। ਸਥਾਨਕ ਅਨਾਜ ਮੰਡੀ ਵਿੱਚ ਪਿੰਡ ਤੇਹਿੰਗ ਦੇ ਕਿਸਾਨ ਗੁਰਦੇਵ ਸਿੰਘ ਅਤੇ ਪਿੰਡ ਮੋਤੀਪੁਰ ਦੇ ਕਿਸਾਨ ਮਨਿੰਦਰ ਸਿੰਘ ਦੀਆਂ ਢੇਰੀਆਂ ਦੀ ਖ਼ਰੀਦ ਕਰਵਾਉਂਦਿਆਂ ਖੁਰਾਕ ਸਪਲਾਈਜ਼ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਫ਼ਸਲਾਂ ਦੀ ਖ਼ਰੀਦ ਨੂੰ ਪੂਰੀ ਤਵਜੋਂ ਦੇ ਕੇ ਕਿਸਾਨਾਂ ਦੀ ਫ਼ਸਲ ਨਾਲੋ ਨਾਲ ਖ਼ਰੀਦ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਅਤੇ ਅਦਾਇਗੀਆਂ ਲਈ ਕਾਫੀ ਜੱਦੋ-ਜਹਿਦ ਕਰਨੀ ਪੈਂਦੀ ਸੀ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਫ਼ਸਲ ਖ਼ਰੀਦ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਅਦਾਇਗੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ, ਜਿਹੜਾ ਕਿ ਪੰਜਾਬ ਵਿੱਚ ਪਹਿਲੀ ਵਾਰ ਹੋਇਆ ਹੈ। ਕਟਾਰੂਚੱਕ ਨੇ ਮੰਡੀ ਦਾ ਦੌਰਾ ਕਰਦਿਆਂ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਨਿਜੀ ਤੌਰ ’ਤੇ ਗੱਲਬਾਤ ਕਰਕੇ ਕਿਸੇ ਕਿਸਮ ਦੀ ਦਰਪੇਸ਼ ਮੁਸ਼ਕਲ ਬਾਰੇ ਪੁੱਛਿਆ, ਜਿਸ ’ਤੇ ਦੋਵਾਂ ਧਿਰਾਂ ਵੱਲੋਂ ਪ੍ਰਬੰਧਾਂ ਅਤੇ ਖ਼ਰੀਦ ਨੂੰ ਲੈ ਕੇ ਪੂਰਨ ਤਸੱਲੀ ਪ੍ਰਗਟਾਈ ਗਈ। ਉਨ੍ਹਾਂ ਨੇ ਵੱਖ-ਵੱਖ ਕਿਸਾਨਾਂ ਦੀਆਂ ਢੇਰੀਆਂ ਦਾ ਨਿਰੀਖਣ ਕਰਦਿਆਂ ਨਮੀ ਦੀ ਮਾਤਰਾ ਬਾਰੇ ਵੀ ਜਾਣਕਾਰੀ ਹਾਸਲ ਕੀਤੀ।ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਦੇ ਖ਼ਰਾਬੇ ਦੀ ਗਿਰਦਾਵਰੀ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਹੀ ਗਿਰਦਾਵਰੀ ਦੀਆਂ ਰਿਪੋਰਟਾਂ ਮੁਕੰਮਲ ਹੋ ਜਾਣਗੀਆਂ, ਪੰਜਾਬ ਸਰਕਾਰ ਵੱਲੋਂ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ। ਇਕ ਹੋਰ ਸਵਾਲ ਦੇ ਜਵਾਬ ਵਿੱਚ ਖੁਰਾਕ ਸਪਲਾਈ ਮੰਤਰੀ ਨੇ ਕਿਹਾ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਇਕ ਕਥਿਤ ਘੋਟਾਲੇ ਵਿੱਚ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਘੋਟਾਲੇ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਸਲ ਵਿੱਚ ‘ਜ਼ੀਰੋ ਟੋਲਰੈਂਸ’ ਦੀ ਨੀਤੀ ਤਹਿਤ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਗੰਨੇ ਦੀ ਫ਼ਸਲ ਖਰੀਦ ਸਬੰਧੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿੱਲਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਗੰਨਾ ਕਾਸ਼ਤਕਾਰਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਛੇ ਮਹੀਨਿਆਂ ਦੌਰਾਨ ਲਏ ਗਏ ਅਹਿਮ ਫੈਸਲਿਆਂ ਦੀ ਗੱਲ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ 18 ਹਜ਼ਾਰ ਨੌਕਰੀਆਂ ਦੇਣ ਦੇ ਨਾਲ-ਨਾਲ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਕਾਰਵਾਈ ਉਲੀਕੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ 8700 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 600 ਯੂਨਿਟ ਬਿਜਲੀ ਮੁਆਫੀ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ ਅਤੇ ਸਰਕਾਰ ਦੇ ਇਸ ਫੈਸਲੇ ਨਾਲ ਕਰੀਬ 47 ਲੱਖ ਪਰਿਵਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ।