ਅੰਮ੍ਰਿਤਸਰ, 28 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਕਥਾਵਾਚਕ ਨੇ ਸਰਵਣ ਕਰਵਾਇਆ। ਉਨ੍ਹਾ ਸੰਗਤ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਭਾਈ ਵਿਸ਼ਾਲ ਸਿੰਘ ਨੇ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਉਨ੍ਹਾ ਦੇ ਰਾਜ ਅੰਦਰ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। ਇਹੀ ਕਾਰਨ ਹੈ ਕਿ ਮਹਾਰਾਜਾ ਰਣਜੀਤ ਸਿੰਘ ਵੱਲੋਂ ਕੀਤੇ ਕਾਰਜਾਂ ਨੂੰ ਅੱਜ ਵੀ ਦੁਨੀਆ ਯਾਦ ਕਰਦੀ ਹੈ। ਸਮਾਗਮ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ, ਸ. ਜੁਗਰਾਜ ਸਿੰਘ, ਮੀਤ ਮੈਨੇਜਰ ਸ. ਗੁਰਿੰਦਰਪਾਲ ਸਿੰਘ ਅਤੇ ਸੰਗਤਾਂ ਹਾਜ਼ਰ ਸਨ।