- ਸ਼ਤਾਬਦੀ ਨੂੰ ਸਮਰਪਿਤ ਸ੍ਰੀ ਖਡੂਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਤੇ ਅੰਮ੍ਰਿਤਸਰ ਵਿਖੇ ਕੀਤੇ ਜਾਣਗੇ ਸੈਮੀਨਾਰ
ਅੰਮ੍ਰਿਤਸਰ, 17 ਜੁਲਾਈ 2024 ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੀ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਬ-ਕਮੇਟੀ ਦੀ ਇਕੱਤਰਤਾ ਦੌਰਾਨ ਸ਼ਤਾਬਦੀ ਨੂੰ ਸਮਰਪਿਤ ਚਾਰ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਸੈਮੀਨਾਰ ਖਡੂਰ ਸਾਹਿਬ, ਪਟਿਆਲਾ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਵਿਖੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ ਨੇ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੱਖ-ਵੱਖ ਸਬ-ਕਮੇਟੀਆਂ ਬਣਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ ਵਿਚ ਸ਼ਤਾਬਦੀ ਨੂੰ ਸਮਰਪਿਤ ਕੀਤੇ ਜਾਣ ਵਾਲੇ ਚਾਰ ਸੈਮੀਨਾਰਾਂ ਬਾਰੇ ਵੀ ਵਿਚਾਰ ਚਰਚਾ ਹੋਈ। ਉਨ੍ਹਾਂ ਕਿਹਾ ਕਿ ਸੈਮੀਨਾਰ ਕਰਵਾਉਣ ਦਾ ਮੰਤਵ ਗੁਰੂ ਸਾਹਿਬਾਨ ਸਬੰਧੀ ਇਤਿਹਾਸ ਦੇ ਖੋਜ ਕਾਰਜਾਂ ਨੂੰ ਉਤਸ਼ਾਹਿਤ ਕਰਨਾ ਹੈ, ਤਾਂ ਜੋ ਆਉਣ ਵਾਲੀ ਪੀੜ੍ਹੀ ਲਈ ਦਸਤਾਵੇਜ਼ ਸੰਗ੍ਰਹਿਤ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਮੀਨਾਰਾਂ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਵਿਦਵਾਨਾਂ ਨੂੰ ਸੱਦਿਆ ਜਾਵੇਗਾ ਅਤੇ ਉਨ੍ਹਾਂ ਦੇ ਖੋਜ ਪੱਤਰਾਂ ਉੱਪਰ ਵਿਚਾਰ ਚਰਚਾ ਹੋਵੇਗੀ। ਭਾਈ ਖਾਲਸਾ ਨੇ ਕਿਹਾ ਕਿ ਸੈਮੀਨਾਰਾਂ ਦੀਆਂ ਤਰੀਕਾਂ ਜਲਦ ਨਿਰਧਾਰਤ ਕਰ ਲਈਆਂ ਜਾਣਗੀਆਂ। ਦੱਸਣਯੋਗ ਹੈ ਕਿ ਸ਼ਤਾਬਦੀ ਮੌਕੇ 13 ਅਤੇ 14 ਸਤੰਬਰ 2024 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਅਤੇ 15, 16, 17 ਅਤੇ 18 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਮਾਗਮ ਹੋਣਗੇ, ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਅੰਤ੍ਰਿੰਗ ਮੈਂਬਰ ਸ. ਜਸਮੇਰ ਸਿੰਘ ਲਾਛੜੂ, ਮੈਂਬਰ ਭਾਈ ਅਮਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਐਡਵੋਕਟ ਭਗਵੰਤ ਸਿੰਘ ਸਿਆਲਕਾ, ਸ. ਰਾਮਪਾਲ ਸਿੰਘ ਬਹਿਣੀਵਾਲ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਹਰਭਜਨ ਸਿੰਘ ਵਕਤਾ, ਇੰਚਾਰਜ ਸ. ਜੋਗੇਸ਼ਵਰ ਸਿੰਘ, ਸ. ਕਰਤਾਰ ਸਿੰਘ ਆਦਿ ਹਾਜ਼ਰ ਸਨ।