
- ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਸਿਹਤ ਦਿਵਸ
- ਨਾਗਰਿਕਾਂ ਦੀ ਚੰਗੀ ਸਿਹਤ ਲਈ ਚਲਾਏ ਜਾ ਰਹੇ ਹਨ ਵੱਖ-ਵੱਖ ਸਿਹਤ ਪ੍ਰੋਗਰਾਮ
ਤਰਨ ਤਾਰਨ, 07 ਅਪ੍ਰੈਲ 2025 : ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੀ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸ ਮੌਕੇ ਦਫਤਰ ਸਿਵਲ ਸਰਜਨ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਮੰਤਵ ਹਰ ਇੱਕ ਨਾਗਰਿਕ ਨੂੰ ਆਪਣੀ ਚੰਗੀ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਸਾਲ 2025 ਦੀ ਸਿਹਤ ਦਿਵਸ ਥੀਮ 'ਹੈਲਥੀ ਬਿਗਨਿੰਗ ਹੋਪਫੁਲ ਫਿਊਚਰਜ' ਜਿਸ ਰਾਹੀਂ ਜੱਚਾ-ਬੱਚਾ ਦੀ ਚੰਗੀ ਸਿਹਤ ਅਤੇ ਉਜਵਲ ਭਵਿੱਖ ਦਾ ਸੰਦੇਸ਼ ਦੇਣਾ ਹੈ। ਉਹਨਾਂ ਦੱਸਿਆ ਕਿ ਜ਼ਿਲੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਵੀ ਵਿਸ਼ਵ ਸਿਹਤ ਦਿਵਸ ਵਿੱਚ ਮਨਾਉਣ ਦੇ ਨਾਲ-ਨਾਲ ਸਿਹਤ ਕਰਮੀਆਂ ਨੂੰ ਵਿਭਾਗ ਵਲੋਂ ਚਲਾਏ ਜਾਂ ਰਹੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਜਾਗਰੂਕਤਾ ਫੈਲਾਉਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਚੰਗੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕਈ ਤਰ੍ਹਾਂ ਦੇ ਲੋਕ ਪੱਖੀ ਸਿਹਤ ਪ੍ਰੋਗਰਾਮ ਚਲਾਈ ਜਾ ਰਹੇ ਹਨ ਜਿਨਾਂ ਬਾਰੇ ਮਾਸ ਮੀਡੀਆ ਵਿੰਗ ਅਤੇ ਸਿਹਤ ਕਰਮੀਆਂ ਵੱਲੋਂ ਵੱਧ ਤੋਂ ਵੱਧ ਪ੍ਰਚਾਰ ਪ੍ਰਸਾਰ ਕੀਤਾ ਜਾਂਦਾ ਹੈ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਵਿਅਕਤੀ ਦੇ ਲਈ ਨਰੋਈ ਸਿਹਤ ਤੋਂ ਵੱਧ ਕੁਝ ਵੀ ਨਹੀਂ ਅਤੇ ਸਾਡੇ ਜੀਵਨ ਦਾ ਮੁਖ ਮਨੋਰਥ ਚੰਗੀ ਅਤੇ ਨਰੋਈ ਸਿਹਤ ਹੋਣਾ ਚਾਹੀਦਾ ਹੈ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਸਾਨੂੰ ਰੋਜਾਨਾ ਆਪਣੀ ਤੰਦਰੁਸਤੀ ਲਈ ਕੁਝ ਸਮਾਂ ਕਸਰਤ ਲਈ ਜਰੂਰ ਸਮਾਂ ਕੱਢਣ ਦੀ ਲੋੜ ਹੈ। ਉਹਨਾਂ ਕਿਹਾ ਕਿ ਸਾਨੂੰ ਹਮੇਸ਼ਾ ਘਰ ਦੇ ਤਿਆਰ ਕੀਤੀ ਪੋਸਟਿਕ ਖੁਰਾਕ ਖਾਣੀ ਚਾਹੀਦੀ ਹੈ ਅਤੇ ਬਾਜ਼ਾਰੀ ਖਾਣੇ ਤੋਂ ਪਰਹੇਜ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਵੀ ਸਿਹਤ ਵਿਭਾਗ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਿਲੇ ਦੇ ਸਰਕਾਰੀ ਸਕੂਲਾਂ ਵਿੱਚ ਇਸ ਪ੍ਰੋਗਰਾਮ ਬਾਰੇ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਬੱਚੇ ਨਸ਼ਿਆਂ ਵਿਰੁੱਧ ਵੱਧ ਤੋਂ ਵੱਧ ਜਾਗਰੂਕ ਹੋਣ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਮੁਫ਼ਤ ਟੀਕਾਕਰਨ ਕੀਤਾ ਜਾਂਦਾ ਹੈ, ਤਾਂ ਜੋ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਉਹਨਾਂ ਨੂੰ ਦੱਸਿਆ ਕਿ ਵਿਭਾਗ ਵੱਲੋਂ ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਵਿੱਚ ਪੜਨ ਵਾਲੀਆਂ ਵਿਦਿਆਰਥਣਾਂ ਦੀ ਖੂਨ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋਂ ਉਹਨਾਂ ਦਾ ਸਹੀ ਮਾਨਸਿਕ ਅਤੇ ਸਰੀਰਕ ਵਿਕਾਸ ਹੋ ਸਕੇ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਦੀ ਰੋਕਥਾਮ ਲਈ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ, ਤਾਂ ਜੋ ਨਾਗਰਿਕਾਂ ਨੂੰ ਹਾਈਪਰ ਟੈਂਸ਼ਨ ਸ਼ੂਗਰ ਵਰਗੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਜਿਲਾ ਪਰਿਵਾਰ ਭਲਾਈ ਅਫਸਰ ਡਾ. ਸਤਵਿੰਦਰ ਕੁਮਾਰ ਜਿਲਾ ਸਿਹਤ ਅਫਸਰ ਡਾ.ਸੁਖਬੀਰ ਕੌਰ ਸਹਾਇਕ ਸਿਵਲ ਸਰਜਨ ਡਾ.ਸੁਰਿੰਦਰ ਕੁਮਾਰ ਡਿਪਟੀ ਮੈਡੀਕਲ ਕਮਿਸ਼ਨਰ ਡਾ.ਰੂਪਮ ਚੌਧਰੀ ਜਿਲਾ ਐਪੀਡੀਮੋਲਜਿਸਟ ਡਾ.ਸੁਖਜਿੰਦਰ ਸਿੰਘ ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ ਆਦਿ ਮੌਜੂਦ ਰਹੇ।