- ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲਿਆਂ ਦਾ ਮਾਣ-ਸਤਿਕਾਰ ਲਈ ਪੰਜਾਬ ਸਰਕਾਰ ਵਚਨਬੱਧ
ਬਟਾਲਾ, 25 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ 1 ਅਗਸਤ 2023 ਤੋਂ ਲਾਗੂ ਹੋਵੇਗਾ। ਇਸ ਸਬੰਧੀ ਗੱਲ ਕਰਦਿਆਂ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ ਵਿੱਚ ਵਾਧਾ ਕਰਨ ਸਬੰਧੀ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਤੋਂ ਪ੍ਰਾਪਤ ਤਜ਼ਵੀਜ ਤੇ ਵਿਚਾਰ ਕਰਦਿਆਂ ਵਿੱਤ ਵਿਭਾਗ ਵੱਲੋਂ ਇਸ ਕਾਰਜ ਲਈ ਲੋੜੀਂਦੇ ਸਾਲਾਨਾ ਦੇ ਬਜ਼ਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ 545 ਲਾਭਪਾਤਰੀਆਂ, ਜਿੰਨ੍ਹਾਂ ਵਿੱਚ ਖੁਦ ਆਜ਼ਾਦੀ ਘੁਲਾਟੀਏ, ਮ੍ਰਿਤਕ ਆਜ਼ਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਜਾਂ ਅਣਵਿਆਹੇ ਤੇ ਬੇਰੁਜ਼ਗਾਰ ਲੜਕੀਆਂ ਤੇ ਲੜਕੇ ਸ਼ਾਮਿਲ ਹਨ, ਨੂੰ ਸਿੱਧੇ ਤੌਰ ‘ਤੇ ਫਾਇਦਾ ਹੋਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸਾਨੂੰ ਆਪਣੇ ਉਨ੍ਹਾਂ ਯੋਧਿਆਂ ‘ਤੇ ਮਾਣ ਹੈ ਜਿੰਨ੍ਹਾਂ ਸਦਕਾ ਦੇਸ਼ ਦੀ ਆਜਾਦੀ ਦੇ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲਿਆਂ ਵਿੱਚ ਪੰਜਾਬੀਆਂ ਦਾ ਨਾਮ ਪ੍ਰਮੁੱਖਤਾ ਨਾਲ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਉਨ੍ਹਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦਾ ਮੁੱਲ ਨਹੀਂ ਉਤਾਰ ਸਕਦੇ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੇ ਮਾਨ-ਸਨਮਾਨ ਲਈ ਵਚਨਬੱਧ ਹੈ।