
- ਤਿੰਨ ਸਾਲਾਂ 'ਚ ਬਦਲਿਆ ਸਰਕਾਰੀ ਸਕੂਲਾਂ ਦਾ ਮੁਹਾਂਦਰਾ, ਬਲੈਕ ਬੋਰਡ ਤੋਂ ਡਿਜੀਟਲ ਸਕਰੀਨਾਂ ਵਾਲੇ ਹੋਏ
- ਵਿਧਾਇਕ ਰੰਧਾਵਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਤਿੰਨ ਸਕੂਲਾਂ 'ਚ ਵਿਕਾਸ ਕਾਰਜ ਕੀਤੇ ਵਿਦਿਆਰਥੀਆਂ ਨੂੰ ਸਮਰਪਿਤ
ਡੇਰਾ ਬਾਬਾ ਨਾਨਕ28 ਅਪ੍ਰੈਲ 2025 : ਪਿਛਲੇ ਤਿੰਨ ਸਾਲਾਂ 'ਚ ਸਰਕਾਰੀ ਸਕੂਲਾਂ 'ਚ ਹੋਏ ਕ੍ਰਾਂਤੀਕਾਰੀ ਬਦਲਾਅ ਸਦਕਾ ਹੁਣ ਸਰਕਾਰੀ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣ ਗਏ ਹਨ, ਜਿਸ ਦੀ ਮਿਸਾਲ ਪਿਛਲੇ ਸਾਲਾਂ ਤੋਂ ਲਗਾਤਾਰ ਦਾਖ਼ਲਿਆਂ 'ਚ ਹੋ ਰਿਹਾ ਵਾਧਾ ਹੈ। ਇਹ ਪ੍ਰਗਟਾਵਾਂ ਉਨ੍ਹਾਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅੱਜ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਦਲ ਪਤ ਰਾਏ, ਸਰਕਾਰੀ ਪ੍ਰਾਇਮਰੀ ਸਕੂਲ ਸਾਧਾਂਵਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹਰੂਵਾਲ 'ਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕਰਦਿਆਂ ਕੀਤਾ। ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਦੂਰਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਦੇ ਅਧਿਆਪਕ ਸਿੰਗਾਪੁਰ ਤੇ ਫਿਨਲੈਂਡ ਵਰਗੇ ਦੇਸ਼ਾਂ ਤੋਂ ਟਰੇਨਿੰਗ ਲੈ ਰਹੇ ਹਨ ਤਾਂ ਜੋ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਕੌਮਾਂਤਰੀ ਪੱਧਰ ਦੀਆਂ ਤਕਨੀਕਾਂ ਨਾਲ ਸਿੱਖਿਅਤ ਕੀਤਾ ਜਾ ਸਕੇ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਵੀ ਵੱਡੇ ਵਿੱਦਿਅਕ ਅਦਾਰਿਆਂ ਦੇ ਟੂਰ ਕਰਵਾਏ ਜਾ ਰਹੇ ਹਨ ਤਾਂ ਜੋ ਇਨ੍ਹਾਂ ਅਦਾਰਿਆਂ ਨੂੰ ਦੇਖ ਕੇ ਵਿਦਿਆਰਥੀ ਆਪਣੇ ਭਵਿੱਖ ਦੇ ਟੀਚੇ ਨਿਰਧਾਰਿਤ ਕਰ ਸਕਣ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ 'ਚ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਪੂਰੀ ਤਰ੍ਹਾਂ ਬਦਲ ਗਿਆ ਹੈ ਹੁਣ ਸਕੂਲ ਬਲੈਕ ਬੋਰਡ ਤੋਂ ਡਿਜੀਟਲ ਸਕਰੀਨਾਂ ਵਾਲੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲੇ ਦਿਨ ਤੋਂ ਇਹ ਵਿਸ਼ਵਾਸ ਹੈ ਕਿ ਸਿੱਖਿਆ ਨਾਲ ਹੀ ਵਿਕਸਤ ਸਮਾਜ ਬਣਾਇਆ ਜਾ ਸਕਦਾ ਹੈ ਤੇ ਇਸ 'ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ 'ਚ ਆਪਣੇ ਟੀਚੇ ਨਿਰਧਾਰਿਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਟੀਚਾ ਨਿਰਧਾਰਿਤ ਕਰਨ ਤੋਂ ਬਾਅਦ ਵਿਦਿਆਰਥੀ ਉਸ ਨੂੰ ਪ੍ਰਾਪਤ ਕਰਨ ਲਈ ਵਧੇਰੇ ਮਿਹਨਤ ਕਰਨ। ਉਨ੍ਹਾਂ ਅਧਿਆਪਕਾਂ ਨੂੰ ਵੀ ਵਿਦਿਆਰਥੀਆਂ ਵੱਲੋਂ ਨਿਰਧਾਰਿਤ ਟੀਚਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਦੇ ਰਾਹ ਦਸੇਰੇ ਬਣਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ ਹਨ ਅਤੇ ਸਰਕਾਰੀ ਸਕੂਲਾਂ ਦੇ ਰੱਖ-ਰਖਾਅ 'ਤੇ ਸੂਬਾ ਸਰਕਾਰ ਵੱਲੋਂ ਸਾਲਾਨਾ 200 ਕਰੋੜ ਰੁਪਏ ਤੋਂ ਵੱਧ ਖਰਚਾ ਕੀਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।