ਅੰਮ੍ਰਿਤਸਰ 'ਚ ਪੁਲਿਸ ਤੇ ਸਨੈਚਰ ਵਿਚਾਲੇ ਚੱਲੀਆਂ ਗੋਲੀਆਂ, ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਮੁਲਜ਼ਮ

ਅੰਮ੍ਰਿਤਸਰ, 25 ਮਾਰਚ 2025 : ਅੰਮ੍ਰਿਤਸਰ ਦੇ ਮਕਬੂਲਪੁਰਾ 'ਚ ਸਨੈਚਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ 'ਚ ਸਨੈਚਰ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਅਤੇ ਉਸ ਨੂੰ ਗੁਰੂ ਨਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਪੁਲੀਸ ਮੁਲਜ਼ਮ ਨੂੰ ਹਥਿਆਰ ਬਰਾਮਦ ਕਰਨ ਲਈ ਲੈ ਕੇ ਆਈ ਸੀ ਤਾਂ ਉਸ ਨੇ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਜਵਾਬੀ ਕਾਰਵਾਈ 'ਚ ਉਹ ਜ਼ਖਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਘਟਨਾ ਦਾ ਜਾਇਜ਼ਾ ਲੈਣ ਲਈ ਮੌਕੇ 'ਤੇ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਖ਼ਿਲਾਫ਼ ਸਨੈਚਿੰਗ ਦੇ ਕੇਸ ਦਰਜ ਹਨ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲੀਸ ਉਸ ਨੂੰ ਬਰਾਮਦਗੀ ਲਈ ਮਕਬੂਲਪੁਰਾ ਲੈ ਕੇ ਆਈ, ਜਿੱਥੇ ਬਿਕਰਮ ਨੇ ਪਿਸਤੌਲ ਛੁਪਾ ਕੇ ਰੱਖਿਆ ਹੋਇਆ ਸੀ। ਇਸ ਦੌਰਾਨ ਮੁਲਜ਼ਮ ਨੇ ਆਪਣਾ ਪਿਸਤੌਲ ਕੱਢ ਲਿਆ ਅਤੇ ਪੁਲੀਸ ’ਤੇ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਆਂ ਚਲਾਈਆਂ ਜੋ ਉਸ ਦੀ ਲੱਤ 'ਚ ਲੱਗ ਗਈਆਂ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ 'ਚ ਥਾਣਾ ਬੀ ਡਵੀਜ਼ਨ ਦੀ ਪੁਲਸ ਨੇ ਲੁੱਟ-ਖੋਹ ਅਤੇ ਸਨੈਚਿੰਗ ਦੀਆਂ ਵਾਰਦਾਤਾਂ 'ਚ ਸਰਗਰਮ ਇਕ ਗਿਰੋਹ ਦਾ ਪਰਦਾਫਾਸ਼ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਤਿੰਨ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਇਨ੍ਹਾਂ ਵਿੱਚੋਂ ਇੱਕ ਵਾਰਦਾਤ ਵਿੱਚ ਇੱਕ ਵਿਅਕਤੀ ਕੋਲੋਂ ਇੱਕ ਮੋਬਾਈਲ ਫ਼ੋਨ ਅਤੇ ਪਰਸ ਲੁੱਟ ਲਿਆ ਗਿਆ, ਜਦਕਿ ਇੱਕ ਹੋਰ ਘਟਨਾ ਵਿੱਚ ਇੱਕ ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਅਤੇ ਇੱਕ ਇਲਾਕੇ ਵਿੱਚ ਇੱਕ ਆਈਫ਼ੋਨ ਚੋਰੀ ਹੋ ਗਿਆ। ਪੁਲੀਸ ਨੇ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।