
- ਬਜ਼ਾਰਾਂ/ਸੜਕਾਂ ਵਿੱਚ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਈ.ਓ ਕਿਰਨ ਮਹਾਜਨ
ਫ਼ਤਿਹਗੜ੍ਹ ਚੂੜੀਆਂ, 7 ਜਨਵਰੀ 2025 : ਬੀਤੇ ਦਿਨ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ) ਕਿਰਨ ਮਹਾਜਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਹਰਜਿੰਦਰ ਸਿੰਘ ਬੇਦੀ ਦੇ ਹੁਕਮਾਂ ਤੋਂ ਬਾਅਦ ਆਪਣੇ ਸਟਾਫ਼ ਅਤੇ ਸਫ਼ਾਈ ਕਰਮਚਾਰੀਆਂ ਦੀ ਮਦਦ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਨਜਾਇਜ਼ ਕਬਜ਼ੇ ਹਟਵਾਏ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਈ.ਓ ਕਿਰਨ ਮਹਾਜਨ ਨੇ ਕਿਹਾ ਕਿ ਦੁਕਾਨਦਾਰਾਂ, ਰੇਹੜੀਆਂ ਤੇ ਫੜੀਆਂ ਵਾਲਿਆਂ ਨੂੰ ਬਾਹਰ-ਬਾਰ ਕਹਿਣ ਦੇ ਬਾਵਜੂਦ ਨਗਰ ਕੌਂਸਲ ਵੱਲੋਂ ਇਹ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜੋ ਅੱਗੇ ਵੀ ਨਿਰੰਤਰ ਜਾਰੀ ਰਹੇਗੀ।ਉਨ੍ਹਾਂ ਕਿਹਾ ਕਿ ਨਜਾਇਜ਼ ਕਬਜ਼ੇ ਕਰਨ ਵਾਲਿਆਂ ਦਾ ਲਿਹਾਜ ਨਹੀਂ ਕੀਤਾ ਜਾਵੇਗਾ ਅਤੇ ਨਗਰ ਕੌਂਸਲ ਵੱਲੋਂ ਸਬੰਧਤ ਦੁਕਾਨਦਾਰ ਦਾ ਸਮਾਨ ਚੁੱਕ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਦੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਆਮ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ, ਦੇ ਤਹਿਤ ਆਪਣੀ ਇਹ ਮੁਹਿੰਮ ਲਗਾਤਾਰ ਚਲਾਈ ਜਾਵੇਗੀ।ਈ.ਓ ਮਹਾਜਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਗਰ ਕੌਂਸਲ ਵੱਲੋਂ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਦੁਕਾਨਾਂ ਦੇ ਬਾਹਰ ਬਣਾਏ ਨਜਾਇਜ਼ ਥੜੇ, ਸ਼ੈਡਾਂ, ਟੀਨਾਂ, ਛੱਤਰੀਆਂ, ਸੜਕ ਉਪਰ ਲੱਗੀਆਂ ਰੇਹੜੀਆਂ, ਫੜੀਆਂ ਆਦਿ ਨੂੰ ਹਟਵਾ ਦਿੱਤਾ ਜਾਵੇਗਾ ਤੇ ਜੇਕਰ ਨਗਰ ਕੌਂਸਲ ਦੀ ਇਸ ਕਾਰਵਾਈ ਦੇ ਬਾਵਜੂਦ ਕੋਈ ਦੁਕਾਨਦਾਰ ਨਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਗਰ ਕੌਂਸਲ ਵੱਲੋਂ ਪਹਿਲਾਂ ਤੋਂ ਮੁਨਾਦੀ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਦੁਕਾਨਦਾਰ ਨਗਰ ਕੌਂਸਲ ਦਾ ਸਹਿਯੋਗ ਕਰਨ ਤੇ ਆਪਣਾ ਸਮਾਨ ਆਪਣੀ ਦੁਕਾਨ ਦੇ ਅੰਦਰ ਰੱਖਣ। ਈ.ਓ ਕਿਰਨ ਮਹਾਜਨ ਨੇ ਕਿਹਾ ਕਿ ਭਵਿੱਖ ਵਿੱਚ ਜੇਕਰ ਕਿਸੇ ਦੁਕਾਨਦਾਰ, ਰੇਹੜੀ ਜਾਂ ਫੜੀ ਵਾਲੇ ਦਾ ਨਗਰ ਕੌਂਸਲ ਵੱਲੋਂ ਕੀਤੀ ਜਾਂਦੀ ਕਾਰਵਾਈ ਵਿੱਚ ਨੁਕਸਾਨ ਹੁੰਦਾ ਹੈ ਤਾਂ ਉਹ ਵਿਅਕਤੀ ਖੁਦ ਜਿੰਮੇਵਾਰ ਹੋਵੇਗਾ ਤੇ ਉਸਦੀ ਕਿਸੇ ਅਪੀਲ/ਦਲੀਨ ’ਤੇ ਗੌਰ ਨਹੀਂ ਕੀਤਾ ਜਾਵੇਗਾ।