ਅੰਮ੍ਰਿਤਸਰ, 25 ਅਗਸਤ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਿਤੀ 14 ਅਗਸਤ 2023 ਨੂੰ ਗੁਰਦੁਆਰਾ ਪਾ ਅਠਵੀਂ ਪੰਜੋਖੜਾ ਸਾਹਿਬ ਵਿਖੇ ਹੋਈ ਇਕੱਤਰਤਾ ਵਿਚ ਬਹੁਤ ਹੀ ਨਿੰਦਣਯੋਗ ਘਟਨਾ ਵਾਪਰੀ, ਇਸ ਦੌਰਾਨ ਹਾਜਰ ਪ੍ਰਬੰਧਕ/ਮੈਂਬਰਾਂ ਵੱਲੋਂ ਇੱਕ-ਦੂਜੇ ਨਾਲ ਗਾਲੀ ਗਲੋਚ ਕੀਤਾ ਗਿਆ। ਜਿਸ ਨੂੰ ਲੈ ਕੇ ਸੰਸਾਰ ਭਰ ਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਅਤੇ ਬਹੂਤਾਤ ਸਿੱਖ ਸੰਗਤਾਂ ਵੱਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਫੋਨ ਅਤੇ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਜਨਰਲ ਸਕੱਤਰ, ਹਰਪ੍ਰੀਤ ਸਿੰਘ, ਗੁਰਬਖਸ਼ ਸਿੰਘ ਆਦਿ ਮੈਂਬਰਾਂ ਵੱਲੋਂ ਲਿਖਤੀ ਅਤੇ ਹੋਰ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਇਸ ਸਬੰਧੀ ਦਰਖਾਸਤਾਂ ਦਿੱਤੀਆਂ ਹਨ। ਸਿੰਘ ਸਾਹਿਬ ਜੀ ਦੁਆਰਾ ਇਸ ਸਾਰੇ ਮਸਲੇ 'ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਹੋਇਆਂ ਸਾਰੇ ਮੈਂਬਰਾਂ ਨੂੰ ਹਦਾਇਤ ਕੀਤੀ ਹੈ ਕਿ ਜਦ ਤੀਕ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਅਧੀਨ ਹੈ ਤੱਦ ਤੀਕ ਰੂਟੀਨ ਦੇ ਕੰਮ-ਕਾਜ ਨੂੰ ਛੱਡਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਬੰਧਕੀ ਇਕੱਤਰਤਾਵਾਂ 'ਤੇ ਰੋਕ ਲਗਾਈ ਜਾਂਦੀ ਹੈ ਅਤੇ ਨਾਲ ਹੀ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਨੂੰ ਹਦਾਇਤ ਕੀਤੀ ਹੈ ਕਿ ਕੋਈ ਵੀ ਮੈਂਬਰ ਅਖਬਾਰ ਅਤੇ ਸੋਸ਼ਲ ਮੀਡੀਆ ਰਾਹੀਂ ਇੱਕ-ਦੂਜੇ ਉਪਰ ਦੂਸ਼ਨਬਾਜੀ ਨਾ ਕਰੇ। ਸਿੰਘ ਸਾਹਿਬ ਨੇ ਕਿਹਾ ਕਿ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਸਬ-ਕਮੇਟੀ ਦਾ ਗੱਠਨ ਕੀਤਾ ਜਾ ਰਿਹਾ ਹੈ, ਜੋ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ। ਜਿਸ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਬੰਧਕੀ ਇਕੱਤਰਤਾਵਾਂ 'ਤੇ ਰੋਕ ਲਾਉਣ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਇਕ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਈ ਲਿਆ ਗਿਆ ਇਹ ਫੈਸਲਾ ਪੱਖਪਾਤੀ ਹੈ ਪਰ ਫਿਰ ਵੀ ਅਸੀਂ ਇਸ ਫੈਸਲੇ ਨੂੰ ਮੰਨਾਂਗੇ।