ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸੁਖਬੀਰ ਬਾਦਲ ਦਾ ਪੱਤਰ ਕੀਤਾ ਜਨਤਕ, ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦਾ ਹਾਂ : ਸੁਖਬੀਰ ਬਾਦਲ 

ਅੰਮ੍ਰਿਤਸਰ, 5 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 24 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਬੰਦ ਲਿਫਾਫੇ ਵਿੱਚ ਆਪਣਾ ਸਪਸ਼ਟੀਕਰਨ ਸੌਂਪਿਆ ਗਿਆ ਸੀ। ਸਿੱਖ ਸੰਗਤ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਬੰਦ ਲਿਫਾਫਾ ਸਪਸ਼ਟੀਕਰਨ ਨੂੰ ਜਨਤਕ ਕੀਤਾ ਜਾਵੇ। ਸਿੱਖ ਸੰਗਤਾਂ ਦੀ ਮੰਗ ਨੂੰ ਦੇਖਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਸਪਸ਼ਟੀਕਰਨ ਦਾ ਇਹ ਪੱਤਰ ਜਨਤਕ ਕੀਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਹੈ ਕਿ ਇਸ ਪੱਤਰ ਤੇ ਫੈਸਲਾ ਪੰਜ ਸਿੰਘ ਸਾਹਿਬਾਨ ਲੈਣਗੇ। ਜ਼ਿਕਰਯੋਗ ਹੈ ਕਿ ਐਸਜੀਪੀਸੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸਪਸ਼ਟੀਕਰਨ ਦੇ ਵਿੱਚ ਲਿਖਿਆ ਸੀ ਕਿ 24 ਸਤੰਬਰ 2015 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਹੀ ਗੁਰਮੀਤ ਰਾਮ ਰਹੀਮ ਦੇ ਮਾਮਲੇ ਵਿੱਚ ਗੁਰਮਤਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਐਸਜੀਪੀਸੀ ਦੇ ਉਸ ਵੇਲੇ ਦੇ ਪ੍ਰਧਾਨ ਅਵਤਾਰ ਸਿੰਘ ਦੇ ਹੁਕਮ ਤੇ ਹੀ ਸਕੱਤਰ ਹਰਚਰਨ ਸਿੰਘ ਵੱਲੋਂ ਇਸ਼ਤਿਹਾਰ ਜਾਰੀ ਕੀਤੇ ਗਏ ਸਨ। ਦੂਜੇ ਪਾਸੇ ਇਸ ਮਾਮਲੇ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਪਸ਼ਟੀਕਰਨ ਵਿੱਚ ਲਿਖਿਆ ਹੈ ਕਿ ਅਕਾਲੀ ਦਲ ਦੇ ਕੁਝ ਲੀਡਰਾਂ ਵੱਲੋਂ ਮੁਆਫੀਨਾਵਾਂ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਗਿਆ ਸੀ। ਜੋ ਉਨ੍ਹਾਂ ਨੇ ਲਿਖ ਕੇ ਦਿੱਤਾ ਹੈ ਉਹ ਉਸਨੂੰ ਆਪਣੀ ਝੋਲੀ ਪਾਉਂਦੇ ਹਨ ਅਤੇ ਫੈਸਲਾ ਪੰਜ ਸਿੰਘ ਸਾਹਿਬਾਨਾਂ ‘ਤੇ ਛੱਡਦੇ ਹਨ। ਤੁਹਾਨੂੰ ਦੱਸ ਦਈਏ ਸੁਖਬੀਰ ਸਿੰਘ ਬਾਦਲ ਦੇ ਸਪਸ਼ਟੀਕਰਨ ਪੱਤਰ ਦੇਣ ਤੋਂ ਪਹਿਲਾਂ ਅਕਾਲੀ ਦਲ ਤੋਂ ਬਾਗੀ ਹੋਏ ਧੜੇ ਵੱਲੋਂ ਵੀ ਇੱਕ ਜੁਲਾਈ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮੁਆਫੀਨਾਮਾ ਪੱਤਰ ਦਿੱਤਾ ਗਿਆ ਸੀ। ਇਸ ਮਾਫੀਨਾਮਾ ਪੱਤਰ ਦੇ ਵਿੱਚ 2007 ਤੋਂ ਲੈ ਕੇ 2015 ਤੱਕ ਹੋਈਆਂ ਘਟਨਾਵਾਂ ਨੂੰ ਲੈ ਕੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਬਾਗੀ ਆਗੂਆਂ ਨੇ ਵੀ ਉਹਨਾਂ ਵੱਲੋਂ ਹੋਈਆਂ ਭੁੱਲਾਂ ਨੂੰ ਲੈ ਕੇ ਮਾਫੀ ਮੰਗੀ ਸੀ। ਬਾਗੀ ਆਗੂਆਂ ਦੀ ਸ਼ਿਕਾਇਤ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਇਸ ਮਾਮਲੇ ਤੇ ਤਲਬ ਕੀਤਾ ਗਿਆ ਸੀ ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਆਪਣਾ ਸਪਸ਼ਟੀਕਰਨ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸੌਪਿਆ ਸੀ।

ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦਾ ਹਾਂ, ਚਾਹੇ ਇਹ ਭੁੱਲਾਂ ਪਾਰਟੀ ਕੋਲੋਂ ਹੋਈਆਂ ਹਨ ਜਾਂ ਸਰਕਾਰ ਕੋਲੋਂ : ਸੁਖਬੀਰ ਬਾਦਲ 
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪੇ ਗਏ ਪੱਤਰ ਨੂੰ ਜਨਤਕ ਕੀਤੇ ਜਾਣ ਤੋਂ ਬਾਅਦ ਇਹ ਗੱਲ ਸਪਸ਼ਟ ਹੋ ਗਈ ਹੈ ਕਿ ਸੁਖਬੀਰ ਬਾਦਲ ਨੇ 2007 ਤੋਂ ਲੈ ਕੇ ਅਕਤੂਬਰ 2015 ਤੱਕ ਬੇਅਦਬੀਆਂ ਤੇ ਹੋਰ ਮਾਮਲਿਆਂ ਵਿਚ ਪਾਰਟੀ ਅਤੇ ਅਕਾਲੀ ਸਰਕਾਰ ਕੋਲੋਂ ਹੋਈਆਂ ਭੁੱਲਾਂ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ ਹੈ। ਬੇਅਦਬੀਆਂ ਦਾ ਨਾਂ ਲਏ ਬਗੈਰ ਉਹਨਾਂ ਆਪਣੇ ਪੱਤਰ ਵਿਚ ਲਿਖਿਆ ਹੈ ਕਿ ’’ਜੋ ਵੀ ਸਾਡੇ ਖਿਲਾਫ ਲਿਖ ਕੇ ਦਿੱਤਾ ਗਿਆ ਹੈ, ਦਾਸ ਉਸ ਵੇਲੇ ਗੁਰੂ ਦੇ ਮਹਾਨ ਤਖਤ ’ਤੇ ਹਾਜ਼ਰ ਹੋ ਕੇ ਗੁਰੂ ਸਾਹਿਬ ਅਤੇ ਗੁਰੂ ਗ੍ਰੰਥ ਪਾਸੋਂ ਬਿਨਾਂ ਸ਼ਰਤ ਖਿਚਾ ਜਾਚਨਾ ਕਰਦਾ ਹੈ। ਪਰਿਵਾਰ ਦਾ ਮੁਖੀ ਹੋਣ ਦੇ ਨਾਅਤੇ ਦਾਸ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦਾ ਹੈ। ਚਾਹੇ ਇਹ ਭੁੱਲਾਂ ਪਾਰਟੀ ਕੋਲੋਂ ਹੋਈਆਂ ਹਨ ਜਾਂ ਸਰਕਾਰ ਕੋਲੋਂ ਦਾਸ ਚੇਤ ਅਚੇਤ ਹੋਈਆਂ ਇਹਨਾਂ ਸਾਰੀਆਂ ਭੁੱਲਾਂ ਚੁੱਕਾਂ ਲਈ ਖਿਮਾ ਦਾ ਜਾਚਕ ਹੈ। ਸ੍ਰੀ  ਅਕਾਲ ਤਖਤ ਸਾਹਿਬ ਵੱਲੋਂ ਗੁਰਮਤਿ ਪਰੰਪਰਾਵਾਂ ਅਨੁਸਾਰ ਜਾਰੀ ਕੀਤੇ ਹਰ ਹੁਕਮ ਨੂੰ ਦਾਸ ਅਤੇ ਮੇਰੇ ਸਾਥੀ ਖਿੜੇ ਮੱਥੇ ਪ੍ਰਵਾਨ ਕਰਨਗੇ। ਮੇਰੀ ਅਰਦਾਸ ਹੈ ਕਿ ਅਕਾਲ ਪੁਰਖ ਪੰਥ ਅਤੇ ਪੰਜਾਬ ਨੂੰ ਹਮੇਸ਼ਾ ਚੜ੍ਹਦੀਕਲਾ ਵਿਚ ਰੱਖੇ।’’

 

q