- ਪਿੰਡਾਂ ਦੇ ਕਿਸਾਨਾਂ ਨੂੰ ਮਿਲ ਕੇ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ, ਪਰਾਲੀ ਦੀ ਸੰਭਾਲ ਲਈ ਖੇਤੀ ਸੰਦਾਂ ਦੀ ਵਰਤੋਂ ਕਰਨ ਸਬੰਧੀ ਕੀਤਾ ਪ੍ਰੇਰਿਤ
ਤਰਨਤਾਰਨ, 01 ਅਕਤੂਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਗੁਰਪ੍ਰੀਤ ਸਿੰਘ ਔਲਖ ਅਤੇ ਐੱਸ. ਐੱਸ. ਪੀ. ਸ੍ਰੀ ਗੌਰਵ ਤੂਰਾ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਸਿਵਲ ਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਅੱਜ ਪਿੰਡ ਭਰੋਵਾਲ ਅਤੇ ਹੋਰ ਹੋਟ ਸਪੋਟ ਪਿੰਡ ਦਾ ਦੌਰਾ ਕੀਤਾ ਗਿਆ। ਇਨਾਂ ਪਿੰਡਾਂ ਦੇ ਨੰਬਰਦਾਰ ਅਤੇ ਕਿਸਾਨਾਂ ਨੂੰ ਮਿਲ ਕੇ ਪਰਾਲੀ ਨੂੰ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਕਲੱਸਟਰ ਇੰਚਾਰਜ ਯਾਦਵਿੰਦਰ ਸਿੰਘ, ਸੁਖਬੀਰ ਸਿੰਘ ਇੰਜੀਨੀਅਰ ਖੇਤੀ ਮਸ਼ੀਨੀਰੀ,ਵਿਕਰਮ ਸੂਦ ਪ੍ਰੋਜੈਕਟ ਡਾਇਰੈਕਟਰ ਆਤਮਾ, ਇੰਦਰਪਾਲ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ, ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਮੌਜੂਦ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਪੰਨੂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਸਿਵਲ ਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਪਿੰਡਾਂ ਖਾਸਕਰਕੇ ਹੋਟ ਸਪਾਟ ਪਿੰਡਾਂ, ਜਿਥੇ ਪਿਛਲੇ ਸਾਲ ਨਾੜ ਸਾੜਨ ਦੀਆਂ ਘਟਨਾਵਾਂ ਵਾਪਰੀਆਂ ਸਨ, ਉਨ੍ਹਾਂ ਪਿੰਡਾਂ ਵਿੱਚ ਦੇ ਪਿੰਡ ਦੇ ਨੰਬਰਦਾਰਾਂ, ਮੋਹਤਬਰਾਂ ਅਤੇ ਕਿਸਾਨਾਂ ਨਾਲ ਮਿਲ ਕੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਪਰਾਲੀ ਦੀ ਸੰਭਾਲ ਲਈ ਵਿਭਾਗ ਪਾਸ ਮੌਜੂਦ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਫਾਇਦਿਆਂ, ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਪਰਾਲੀ ਦੀ ਸਾਂਭ-ਸੰਭਾਲ ਲਈ ਜਿਲ੍ਹੇ ਵਿੱਚ ਉਪਲੱਬਧ ਖੇਤੀ ਮਸ਼ੀਨਰੀ ਬੇਲਰ, ਸੁਪਰਸੀਡਰ ਆਦਿ ਉਪਲੱਬਧ ਹੈ, ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵਲੋਂ ਕਿਸਾਨਾਂ ਨੂੰ ਵਿਸਥਾਰ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਜਿਲ੍ਹੇ ਵਿੱਚ ਲੋੜੀਂਦੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ ਗਈ।