ਮੰਡੀਆਂ ਵਿੱਚ ਝੋਨੇ ਦੀ  ਲਿਫਟਿੰਗ ਵਿੱਚ ਆਈ ਤੇਜੀ - ਡਿਪਟੀ ਕਮਿਸ਼ਨਰ

  • 53 ਫੀਸਦੀ ਝੋਨੇ ਦੀ ਹੋਈ ਲਿਫਟਿੰਗ
  • ਜ਼ਿਲ੍ਹੇ ਦੀਆਂ  ਮੰਡੀਆਂ ਪਹੁੰਚਿਆ 57621 ਮੀਟਰਕ ਟਨ ਝੋਨਾ 
  • ਕਿਸਾਨਾਂ ਨੂੰ 86.94 ਕਰੋੜ ਰੁਪਏ ਦੀ ਹੋਈ ਅਦਾਇਗੀ

ਅੰਮ੍ਰਿਤਸਰ, 16 ਅਕਤੂਬਰ 2024 : ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਅੱਜ ਮੰਡੀ ਬੋਰਡ ਜਿਲ੍ਹਾ ਖੁਰਾਕ ਸਪਲਾਈ, ਏਜੰਸੀਆਂ ਦੇ ਜਨਰਲ ਮੈਨੇਜਰਾਂ ਅਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਵਿੱਚ ਕਾਫ਼ੀ ਤੇਜੀ ਆਈ ਹੈ ਅਤੇ ਹੁਣ ਤੱਕ 53 ਫੀਸਦੀ ਤੋਂ ਜਿਆਦਾ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਉਨਾਂ ਸਬੰਧਤ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਲਿਫਟਿੰਗ ਨੂੰ ਨਾਲੋ ਨਾਲ ਕਰਵਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਅਧਿਕਾਰੀ ਖੁਦ ਮੰਡੀਆਂ ਦਾ ਦੌਰਾ ਕਰ ਰਹੇ ਹਨ ਅਤੇ ਮੌਕੇ ਤੇ ਹੀ ਕਿਸਾਨਾਂ ਅਤੇ ਆੜਤੀਆਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਦਾ ਹੱਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 57621 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਇਸ ਵਿੱਚੋਂ 30539.13 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਆਮਦ ਵਿੱਚ ਤੇਜੀ ਆਉਣ ਨਾਲ ਲਿਫਟਿੰਗ ਵਿੱਚ ਵੀ ਹੋਰ ਤੇਜੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੱਖ ਵੱਖ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਕਰਕੇ ਕਿਸਾਨਾਂ ਨੂੰ 86.94 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਜੋ ਕਿ 106.11 ਫੀਸਦੀ ਬਣਦੀ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਲਈ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ ਅਤੇ ਸਾਰੀਆਂ ਖਰੀਦ ਏਜੰਸੀਆਂ ਵਲੋ ਨਿਰਵਿਘਨ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ।  ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਮੰਡੀਆਂ ਵਿੱਚ 365135 ਮੀਟਰਕ ਟਨ ਬਾਸਮਤੀ ਦੀ ਆਮਦ ਹੋਈ ਹੈ ਅਤੇ ਵੱਖ ਵੱਖ ਪ੍ਰਾਈਵੇਟ ਸ਼ੈਲਰਾਂ ਮਾਲਕਾਂ ਵੱਲੋਂ ਮੌਕੇ ਤੇ ਹੀ ਸਾਰੀ ਬਾਸਮਤੀ ਦੀ ਖਰੀਦ ਕਰਕੇ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦਾ ਇਕ ਇਕ ਦਾਣਾ ਖਰੀਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ 24 ਦੇ ਘੰਟੇ ਦੇ ਅੰਦਰ ਅੰਦਰ ਅਦਾਇਗੀ ਕਰਨੀ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਜਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸ: ਸਰਤਾਜ ਸਿੰਘ ਤੋਂ ਇਲਾਵਾ ਵੱਖ ਵੱਖ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।