- ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਤਰਨ ਤਾਰਨ ਵਿਖੇ ਲਹਿਰਾਇਆ ਤਿਰੰਗਾ
- ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਦੇ ਦ੍ਰਿੜ੍ਹ ਸੰਕਲਪ ਦਾ ਕੀਤਾ ਪ੍ਰਗਟਾਵਾ
ਤਰਨ ਤਾਰਨ, 15 ਅਗਸਤ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 77ਵੇਂ ਅਜ਼ਾਦੀ ਦਿਵਸ ਮੌਕੇ ਤਰਨ ਤਾਰਨ ਵਿਖੇ ਤਿਰੰਗਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾ ਕੇ ਤਰੱਕੀ ਤੇ ਸਫ਼ਲਤਾ ਦੀਆਂ ਬੁਲੰਦੀਆਂ ‘ਤੇ ਪਹੁੰਚਾਉਣ ਦੇ ਦ੍ਰਿੜ੍ਹ ਸੰਕਲਪ ਦਾ ਪ੍ਰਗਟਾਵਾ ਕੀਤਾ। ਤਰਨ ਤਾਰਨ ਦੇ ਪੁਲਿਸ ਲਾਈਨ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਦੇ ਕੇ ਪੰਜਾਬੀਆਂ ਨੇ ਸੂਬੇ ਦਾ ਮਾਣ ਵਧਾਇਆ ਹੈ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਜੌੜਾਮਾਜਰਾ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ, ਅਮਨ-ਕਾਨੂੰਨ, ਸ਼ਹਿਰੀ ਸਹੂਲਤਾਂ, ਬੁਨਿਆਦੀ ਢਾਂਚੇ, ਸ਼ਹਿਰੀ ਤੇ ਪੇਂਡੂ ਵਿਕਾਸ ਅਤੇ ਨਿਵੇਸ਼ ਪੱਖੀ ਉਦਯੋਗਿਕ ਮਾਹੌਲ ਸਿਰਜਣ ਸਮੇਤ ਵੱਖ-ਵੱਖ ਖੇਤਰਾਂ ਵਿੱਚ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਲਗਭਗ 17 ਮਹੀਨਿਆਂ ਦੇ ਕਾਰਜਕਾਲ ਦੌਰਾਨ ਕਈ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਇਨ੍ਹਾਂ ਵਿੱਚ ਹਰੇਕ ਪਰਿਵਾਰ ਲਈ 600 ਯੂਨਿਟ ਮੁਫਤ ਬਿਜਲੀ ਦੇਣਾ ਸ਼ਾਮਲ ਹੈ ਜਿਸ ਦਾ 90 ਫ਼ੀਸਦੀ ਖਪਤਕਾਰਾਂ ਨੂੰ ਲਾਭ ਮਿਲ ਰਿਹਾ ਹੈ। ਇਸ ਤੋਂ ਇਲਾਵਾ ਸਾਡੇ ਬੱਚਿਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਲਈ 117 ਸਕੂਲ ਆਫ ਐਮੀਨੈਸ ਖੋਲ੍ਹਣਾ, ਨੌਜਵਾਨਾਂ ਨੂੰ 31000 ਤੋਂ ਵੱਧ ਸਰਕਾਰੀ ਨੌਕਰੀਆਂ, 12000 ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ, ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ, ਐਂਟੀ-ਗੈਂਗਸਟਰ ਟਾਸਕ ਫੋਰਸ ਦਾ ਗਠਨ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਦੁੱਗਣਾ ਕਰਕੇ 1 ਕਰੋੜ ਰੁਪਏ ਕਰਨਾ ਸ਼ਾਮਲ ਹਨ। ਸ. ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਲਈ 76 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਚਾਰ ਕਲੀਨਿਕ ਤਰਨ ਤਾਰਨ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਹਨ। ਨਵੇਂ ਕਲੀਨਿਕ ਖੁੱਲ੍ਹਣ ਨਾਲ ਹੁਣ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 659 ਹੋ ਗਈ ਹੈ, ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ 9,400 ਰੁਪਏ ਤੋਂ ਵਧਾ ਕੇ 11,000 ਰੁਪਏ ਕਰ ਦਿੱਤੀ ਹੈ।ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਬਾਰੇ ਗੱਲ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਮੁੱਖ ਮੰਤਰੀ, ਆਪਣੀ ਪੂਰੀ ਕੈਬਨਿਟ, ਵਿਧਾਇਕਾਂ ਅਤੇ ਹੋਰ ਅਧਿਕਾਰੀਆਂ ਸਮੇਤ ਸੂਬਾ ਵਾਸੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਦਿੰਦਿਆਂ 105 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।ਉਨ੍ਹਾਂ ਕਿਹਾ ਕਿ ਸੂਬੇ ਨੇ ਪਿੰਡਾਂ ਦੇ 100 ਫੀਸਦੀ ਘਰਾਂ ਤੱਕ ਪਾਈਪ ਰਾਹੀਂ ਪੀਣਯੋਗ ਪਾਣੀ ਦੀ ਸਪਲਾਈ ਦੇ ਟੀਚੇ ਨੂੰ ਸਫਲਤਾਪੂਰਵਕ ਪੂਰਾ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਇਸ ਮੀਲ ਪੱਥਰ ਨੂੰ ਹਾਸਲ ਕਰਨ ਵਾਲਾ ਦੇਸ਼ ਦਾ ਪੰਜਵਾਂ ਸੂਬਾ ਬਣ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਡਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਹੁਣ ਤੱਕ ਲਗਭਗ 11,665 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਗਈ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਨਿਰਵਿਘਨ ਮੁਫ਼ਤ ਬਿਜਲੀ ਸਪਲਾਈ ਨਿਰੰਤਰ ਜਾਰੀ ਹੈ।ਸ. ਚੇਤਨ ਸਿੰਘ ਜੌੜਾਮਾਜਰਾ ਨੇ ਤਰਨ ਤਾਰਨ ਜ਼ਿਲ੍ਹੇ ਵਿੱਚ ਕੀਤੇ ਵਿਕਾਸ ਕਾਰਜਾਂ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟ੍ਰਾਈਸਾਈਕਲ ਵੀ ਵੰਡੇ। ਸਮਾਰੋਹ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਅਤੇ ਸ ਸਰਵਨ ਸਿੰਘ ਧੁੰਨ, ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਪ੍ਰੀਆ ਸੂਦ, ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ, ਸਪੈਸ਼ਲ ਡੀ.ਜੀ.ਪੀ ਸ਼੍ਰੀਮਤੀ ਸਸ਼ੀਪ੍ਰਭਾ ਦਿਵੇਦੀ, ਐੱਸ.ਐੱਸ.ਪੀ ਸ੍ਰੀ ਗੁਰਮੀਤ ਸਿੰਘ ਚੌਹਾਨ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ, ਐੱਸ.ਡੀ.ਐੱਮ ਸ੍ਰੀ ਰਜਨੀਸ਼ ਅਰੋੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ, ਸ੍ਰੀ ਗੁਰਦੇਵ ਸਿੰਘ ਲਾਖਣਾ ਚੇਅਰਮੈਨ ਵੇਅਰ ਹਾਊਸ ਕਾਰਪੋਰੇਸ਼ਨ, ਸ੍ਰੀ ਰਣਜੀਤ ਸਿੰਘ ਚੀਮਾ ਚੇਅਰਮੈਨ ਵਾਟਰ ਰਿਸੋਰਸ ਮੈਨੇਜਮੈਂਟ ਅਤੇ ਸ੍ਰੀ ਰਜਿੰਦਰ ਸਿੰਘ ਉਸਮਾਂ ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ ਤੋਂ ਇਲਾਵਾ ਸਿਵਲ ਤੇ ਪੁਲਿਸ ਅਧਿਕਾਰੀ ਤੇ ਮੋਹਤਬਰ ਹਾਜ਼ਰ ਸਨ।