ਬਟਾਲਾ, 20 ਅਗਸਤ : ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਰਾਹਤ ਕਾਰਜਾਂ ਲਈ ਵੱਖ ਵੱਖ ਵਿਭਾਗਾਂ ਦੀਆਂ ਟੀਮਾਂ ਗਠਤ ਕੀਤੀਆਂ ਗਈਆਂ ਹਨ, ਜਿੰਨਾ ਵਲੋਂ ਪਿੰਡਾਂ ਅੰਦਰ ਰਾਹਤ ਕਾਰਜ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮੈਡੀਕਲ ਕੈਂਪ ਲਗਾਏ ਗਏ ਹਨ। ਮਰੀਜ਼ਾਂ ਦਾ ਚੈੱਕਅੱਪ ਕਰਕੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਗਈਆਂ ਹਨ। ਡੇਂਗੂ ਦੀ ਰੋਕਥਾਮ ਲਈ ਫੋਗਿੰਗ ਕਰਨ ਦੇ ਨਾਲ ਲੋਕਾਂ ਨੂੰ ਡੇਂਗੂ ਬਿਮਾਰੀ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ,ਪਸ਼ੂ ਪਾਲਣ ਵਿਭਾਗ, ਫੂਡ ਸਪਲਾਈ ਵਿਭਾਗ, ਪੰਚਾਇਤੀ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਵੀ ਰਾਹਤ ਕਾਰਜ ਤੇਜ਼ੀ ਨਾਲ ਚਲਾਏ ਜਾ ਰਹੇ ਹਨ। ਉਨਾਂ ਨੇ ਅੱਗੇ ਦੱਸਿਆ ਕਿ ਰਾਹਤ ਕਾਰਜਾਂ ਵਿੱਚ ਜਿਲਾ ਪ੍ਰਸ਼ਾਸਨ ਦੀਆਂ ਟੀਮਾਂ, ਇਲਾਕਾ ਨਿਵਾਸੀ, ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਫੋਜ, ਬੀਐਸਐਫ,ਐਨਡੀਆਰਐਫ, ਐਸਡੀਆਰਐਫ ਆਦਿ ਨੇ ਇਸ ਸੰਕਟ ਦੀ ਘੜੀ ਵਿੱਚ ਸਮੂਹਿਕ ਕਾਰਜ ਕਰਕੇ ਜਿਕਰਯੋਗ ਮਿਸਾਲ ਪੈਦਾ ਕੀਤੀ ਹੈ। ਐਸ.ਡੀ.ਐਮ ਨੇ ਅੱਗੇ ਦੱਸਿਆ ਕਿ ਲੋਕ ਲੋੜ ਪੈਣ ’ਤੇ ਹੈਲਪ ਲਾਈਨ ਨੰਬਰ 1800-180-1852 ਜਾਂ 112 ਨੰਬਰ ਤੇ ਫੋਨ ਕਰ ਸਕਦੇ ਹਨ, ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸਹਾਇਤਾ ਕਰਨ ਲਈ ਉਨਾਂ ਦੇ ਨਾਲ ਖੜ੍ਹਾ ਹੈ।