- 19, 20 ਅਤੇ 21 ਫ਼ਰਵਰੀ ਨੂੰ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਕੀਤੀਆਂ ਵਿਚਾਰਾਂ
ਅੰਮ੍ਰਿਤਸਰ, 8 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 21 ਫ਼ਰਵਰੀ ਨੂੰ ਮਨਾਈ ਜਾ ਰਹੀ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਗਈ ਇਸ ਇਕੱਤਰਤਾ ਵਿਚ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਕੀਤੇ ਜਾ ਰਹੇ ਗੁਰਮਤਿ ਸਮਾਗਮਾਂ ਦੀ ਸਮੀਖਿਆ ਕੀਤੀ ਗਈ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਸਮਾਗਮਾਂ ਬਾਰੇ ਚਰਚਾ ਕੀਤੀ ਗਈ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਪ੍ਰਚਾਰਕ ਸਿੰਘਾਂ ਨਾਲ ਵਿਚਾਰ ਸਾਂਝੇ ਕੀਤੇ। ਇਕੱਤਰਤਾ ਮਗਰੋਂ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਜੈਤੋ ਦਾ ਮੋਰਚਾ ਸਿੱਖ ਇਤਿਹਾਸ ਦਾ ਇਕ ਗੌਰਵਸ਼ਾਲੀ ਅਧਿਆਇ ਹੈ। ਇਸ ਮੋਰਚੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਮਨਾਈ ਜਾ ਰਹੀ ਹੈ। ਭਾਈ ਮਹਿਤਾ ਨੇ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰਕ ਜਥਿਆਂ ਦਾ ਵੱਡਾ ਰੋਲ ਹੈ, ਜਿਸ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਜਥਿਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੈਤੋ ਦੇ ਮੋਰਚੇ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਜਿਥੇ ਅੱਜ ਸਮੀਖਿਆ ਕੀਤੀ ਗਈ ਹੈ, ਉਥੇ ਹੀ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ 19, 20 ਅਤੇ 21 ਫ਼ਰਵਰੀ, 2024 ਨੂੰ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ ਹਨ। ਸਮਾਗਮਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 19 ਫ਼ਰਵਰੀ ਨੂੰ ਜੈਤੋ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, 20 ਫ਼ਰਵਰੀ ਨੂੰ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰੀ ਜਾਵੇਗੀ। ਇਸੇ ਤਰ੍ਹਾਂ 21 ਫ਼ਰਵਰੀ ਨੂੰ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਸਬੰਧੀ ਮੁੱਖ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ, ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੀਆਂ। ਉਨ੍ਹਾਂ ਪ੍ਰਚਾਰਕਾਂ ਨੂੰ ਸਮਾਗਮਾਂ ਪ੍ਰਤੀ ਵੱਧ ਤੋਂ ਵੱਧ ਸੰਗਤਾਂ ਨੂੰ ਪ੍ਰੇਰਿਤ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਹਰਭਜਨ ਸਿੰਘ ਵਕਤਾ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਪ੍ਰਿੰਸੀਪਲ ਬੀਬੀ ਮਨਜੀਤ ਕੌਰ, ਇੰਚਾਰਜ ਸ. ਮਲਕੀਤ ਸਿੰਘ ਬਹਿੜਵਾਲ, ਸ. ਕਰਤਾਰ ਸਿੰਘ, ਸ. ਬਹਾਲ ਸਿੰਘ, ਅਨੰਦਪੁਰ ਜੋਨ ਦੇ ਇੰਚਾਰਜ ਸ. ਗੁਰਭਾਗ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਜੋਨ ਦੇ ਇੰਚਾਰਜ ਸ. ਜਗਪਾਲ ਸਿੰਘ, ਸਮੇਤ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥੇ ਹਾਜ਼ਰ ਸਨ।
ਧਰਮ ਪ੍ਰਚਾਰ ਕਮੇਟੀ ਵੱਲੋਂ 31 ਪ੍ਰਚਾਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਅੱਜ 31 ਨਵ-ਨਿਯੁਕਤ ਪ੍ਰਚਾਰਕਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਿਛਲੇ ਸਮੇਂ ਧਰਮ ਪ੍ਰਚਾਰ ਲਹਿਰ ਨੂੰ ਘਰ-ਘਰ ਤੱਕ ਪਹੁੰਚਉਣ ਦੇ ਮੰਤਵ ਨਾਲ ਮਿਸ਼ਨਰੀ ਕਾਲਜਾਂ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਲੰਟਰੀਅਰ ਦੇ ਤੌਰ ’ਤੇ ਨਿਯੁਕਤ ਕੀਤਾ ਗਿਆ ਸੀ। ਇਨ੍ਹਾਂ ਵਿਦਿਆਰਥੀਆਂ ਨੇ ਬਾਰਡਰ ਏਰੀਏ ਦੇ ਵੱਖ-ਵੱਖ ਪਿੰਡਾਂ ਵਿਚ ਵਿਚਰਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਭੂਮਿਕਾ ਨਿਭਾਈ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਅੱਜ ਬਤੌਰ ਪ੍ਰਚਾਰਕ ਨਿਯੁਕਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਵਲੰਟੀਅਰ ਦੇ ਤੌਰ ’ਤੇ ਕਾਰਜ ਕਰਦਿਆਂ ਇਨ੍ਹਾਂ ਪ੍ਰਚਾਰਕਾਂ ਨੇ ਧਰਮ ਪ੍ਰਚਾਰ ਦੇ ਨਾਲ-ਨਾਲ ਸਿੱਖੀ ਨੂੰ ਦਰਪੇਸ਼ ਚੁਣੌਤੀਆਂ ਦਾ ਡਟਵਾਂ ਮੁਕਾਬਲਾ ਕਰਕੇ ਬਿਹਤਰ ਜ਼ੁੰਮੇਵਾਰੀ ਨਿਭਾਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨਵ-ਨਿਯੁਕਤ ਪ੍ਰਚਾਰਕ ਸਿੰਘ ਪਹਿਲਾਂ ਦੀ ਤਰ੍ਹਾਂ ਧਰਮ ਪ੍ਰਚਾਰ ਕਮੇਟੀ ਵੱਲੋਂ ਲੱਗੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣਗੇ।