- ਕਿਹਾ- ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ
ਬਟਾਲਾ, 14 ਅਗਸਤ 2024 : ਬਟਾਲਾ ਦੇ ਨੋਜਵਾਨ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕਾਂ ਨੂੰ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੱਲ੍ਹ 15 ਅਗਸਤ ਨੂੰ ਪੂਰੇ ਉਤਸ਼ਾਹ ਤੇ ਜੋਸ਼ ਨਾਲ ਆਜ਼ਾਦੀ ਦਿਵਸ ਸਮਾਗਮ ਮਨਾਏ ਜਾਣਗੇ ਤੇ ਦੇਸ਼ ਦੀ ਖਾਤਰ ਕੁਰਬਾਨ ਹੋਏ ਸੂਰਬੀਰ ਯੋਧਿਆਂ ਨੂੰ ਨਤਮਸਤਕ ਹੋ ਕੇ ਯਾਦ ਕੀਤਾ ਜਾਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਉਨਾਂ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਸਦਕਾ ਮੁੱਖ ਮੰਤਰੀ ਬਣੇ ਸ. ਭਗਵੰਤ ਸਿੰਘ ਮਾਨ ਨੇ ਜਿੱਥੇ ਆਪਣੇ ਅਹੁਦੇ ਦੀ ਸਹੁੰ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ ਉਥੇ ਨਾਲ ਹੀ ਫੈਸਲਾ ਕੀਤਾ ਕਿ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਾਈਆਂ ਗਈਆਂ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਪੰਜਾਬ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ। ਇਸ ਦਿਸ਼ਾ ਵਿੱਚ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਪੰਜਾਬ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।