ਅੰਮ੍ਰਿਤਸਰ, 26 ਸਤੰਬਰ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਨਾਲ ਹੋਈ ਮੀਟਿੰਗ ਦੌਰਾਨ ਨਸ਼ਿਆਂ, ਜੂਏ ਅਤੇ ਸੱਟੇਬਾਜ਼ੀ ਨੂੰ ਨੱਥ ਪਾਉਣ ਸਬੰਧੀ ਵਿਸਥਾਰਪੂਰਵਕ ਚਰਚਾ ਹੋਈ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਿਨ੍ਹਾਂ ਲੋਕਾਂ ਕੋਲ ਅਸਲਾ ਲਾਇਸੈਂਸ ਹਨ, ਉਨ੍ਹਾਂ ਦੀ ਵੀ ਪੁਲੀਸ ਵੱਲੋਂ ਜਾਂਚ ਕੀਤੀ ਜਾਵੇਗੀ। ਜੇਕਰ ਇਨ੍ਹਾਂ 'ਚੋਂ ਕਿਸੇ ਵਿਰੁੱਧ ਕੋਈ ਅਪਰਾਧਿਕ ਮਾਮਲਾ ਦਰਜ ਹੁੰਦਾ ਹੈ ਤਾਂ ਉਸ ਦਾ ਅਸਲਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਕਮਿਸ਼ਨਰ ਨਾਲ ਵਿਸ਼ੇਸ਼ ਤੌਰ 'ਤੇ ਵਾਲਡ ਸਿਟੀ ਵਿਚ ਪੁਲਿਸ ਗਸ਼ਤ ਵਧਾਉਣ ਅਤੇ ਟ੍ਰੈਫਿਕ ਕੰਟਰੋਲ ਦੇ ਮੁੱਦੇ 'ਤੇ ਵਿਸ਼ੇਸ਼ ਗੱਲਬਾਤ ਕੀਤੀ ਗਈ।ਇਸ ਦੇ ਲਈ ਵੀ ਪੁਲਿਸ ਦੀ ਵੱਖਰੀ ਟੀਮ ਬਣਾਈ ਜਾ ਰਹੀ ਹੈ। ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪਹਿਲਾਂ ਵੀ ਅੰਮ੍ਰਿਤਸਰ ਵਿੱਚ ਚੰਗਾ ਕੰਮ ਕੀਤਾ ਹੈ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਹੁਣ ਵੀ ਸ਼ਹਿਰ ਵਿੱਚ ਅਪਰਾਧ ਕੰਟਰੋਲ ਅਤੇ ਟਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਢੁਕਵੇਂ ਕਦਮ ਚੁੱਕੇ ਜਾਣਗੇ।