ਬਟਾਲਾ, 10 ਫਰਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿੰਡ ਭਿੱਟੇਵਿੰਡ ਵਿਖੇ ਲੋਕ ਸੁਵਿਧਾ ਕੈਂਪ ਦਾ ਦੌਰਾ ਕੀਤਾ ਗਿਆ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਭਿੱਟੇਵਿੰਡ ਦਾ ਦੌਰਾ ਕਰਕੇ ਇਹਨਾਂ ਕੈਂਪਾਂ ਵਿੱਚ ਪੁੱਜੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਮੁਸ਼ਕਲਾਂ ਦੇ ਹੱਲ ਦੇ ਦਿਸ਼ਾ-ਨਿਰਦੇਸ਼ ਦਿੱਤੇ। ਵਿਧਾਇਕ ਸ਼ੈਰੀ ਕਲਸੀ ਨੇ ਆਖਿਆ ਕਿ ਇਹ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਕਿਉਂਕਿ ਇਸ ਸਕੀਮ ਤਹਿਤ ਅਧਿਕਾਰੀ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਪਿੰਡ ਪਿੰਡ ਪਹੁੰਚ ਕਰ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਸਕੀਮ ਤਹਿਤ ਸਰਕਾਰ ਚੱਲ ਕੇ ਪਿੰਡਾਂ ਦੀਆਂ ਸੱਥਾਂ ਤੱਕ ਪਹੁੰਚ ਰਹੀ ਹੈ ਅਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਨੂੰ ਮੌਕੇ ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਇਹਨਾਂ ਦਾ ਲਾਭ ਲੈਣ।