ਅੱਚਲ ਸਾਹਿਬ, 29 ਅਗਸਤ : ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰ ਪਾਲ ਸਿੰਘ ਅਤੇ ਉਲੰਪੀਅਨ ਸਿਮਰਨਜੀਤ ਸਿੰਘ ਜੀ ਦੇ ਦਾਦੀ ਗੁਰਮੀਤ ਕੌਰ ਪਤਨੀ ਸਵਰਗਵਾਸੀ ਗੁਰਦੇਵ ਸਿੰਘ ਜਗੀਰਦਾਰ ਵਲੋਂ ਅੱਜ ਉਲੰਪੀਅਨ ਸਿਮਰਨਜੀਤ ਸਿੰਘ ਸਰਕਾਰੀ ਹਾਈ ਸਕੂਲ ਦੀ ਗਰਾਊਂਡ ਵਿਖੇ ਹਾਕੀ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਅੱਜ ਮੈਨੂੰ ਬਹੁਤ ਖੁਸ਼ੀ ਹੋਈ ਹੈ ਕਿ ਉਲੰਪੀਅਨ ਸਿਮਰਨਜੀਤ ਸਿੰਘ ਇਸ ਗਰਾਉਂਡ ਵਿੱਚੋਂ ਹਾਕੀ ਦੀ ਖੇਡ ਸ਼ੁਰੂ ਕੀਤੀ ਸੀ ਅਤੇ ਅੱਜ ਪੂਰੇ ਵਰਲਡ ਦੇ ਵਿੱਚ ਚਹਲ ਕਲਾਂ ਦੇ ਨਾਮ ਨੂੰ ਰੌਸ਼ਨ ਕੀਤਾ ਹੈ। ਵਿਧਾਇਕ ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨ ਲਈ ਵੱਖ ਵੱਖ ਪਿੰਡਾਂ ਵਿੱਚ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਵੱਧ ਤੋਂ ਵੱਧ ਨੌਜਵਾਨ ਖੇਡਾਂ ਵੱਲ ਧਿਆਨ ਦੇਣ ਤਾਂ ਜੋ ਸਾਡੀ ਆਉਣ ਵਾਲੀ ਪੀੜੀ ਨਸ਼ਿਆਂ ਦੀ ਦਲਦਲ ਵਿੱਚ ਫਸਣ ਦੀ ਬਜਾਏ ਆਪਣੇ ਸਰੀਰ ਨੂੰ ਤੰਦਰੁਸਤ ਅਤੇ ਨਿਰੋਗੀ ਰੱਖ ਸਕਣ। ਉਹਨਾਂ ਕਿਹਾ ਕਿ ਹਲਕੇ ਦੇ ਵਿੱਚ ਬਹੁਤ ਸਾਰੇ ਸਕੂਲਾਂ ਦੇ ਵਿੱਚ ਸਟੇਡੀਅਮ ਤਿਆਰ ਹੋ ਰਹੇ ਹਨ ਕਿਉਂਕਿ ਭਗਵੰਤ ਸਿੰਘ ਮਾਨ ਵੱਲੋਂ ਜੋ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਉਹਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕੇ ਇਸ ਸਟੇਡੀਅਮ ਛੇ ਲੱਖ ਦੀ ਲਾਗਤ ਨਾਲ ਤਿਆਰ ਹੋਇਆ ਹੈ। ਇਸ ਮੌਕੇ ਪਿੰਡ ਦੇ ਸਰਪੰਚ ਬਿਕਰਮਜੀਤ ਸਿੰਘ ਚਾਹਲ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੁੱਖ ਅਤੇ ਸਮੂਹ ਪੰਚਾਇਤ ਵਲੋਂ ਵਿਧਾਇਕ ਅਮਰ ਪਾਲ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਨਿਰਮਲ ਸਿੰਘ ਸ੍ਰੀ ਹਰਗੋਬਿੰਦਪੁਰ, ਬੀਡੀਪੀਓ ਵਿਪਨ ਕੁਮਾਰ, ਪੀ ਏ ਨਵ ਭਿੰਡਰ, ਦਫਤਰ ਇੰਚਾਰਜ ਗੁਰਪ੍ਰੀਤ ਸਿੰਘ ਸੈਣੀ, ਮਨਜਿੰਦਰ ਸਿੰਘ ਬੱਲ, ਬਲਾਕ ਪ੍ਰਧਾਨ ਸੁਰਵਿੰਦਰ ਪਾਲ ਸਿੰਘ ਜੈਤੋ ਸਰਜਾ, ਸਰਕਲ ਇੰਚਾਰਜ ਹਰਜਿੰਦਰ ਸਿੰਘ, ਪੰਚ ਮੰਗਲ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ, ਜਗਦੀਪ ਸਿੰਘ, ਪੰਚ ਦਲਜਿੰਦਰ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ ਆਦਿ ਹਾਜਰ ਸਨ।