ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਕਰਨ ਦੀ ਮੰਗ

ਖਡੂਰ ਸਾਹਿਬ, ਤਰਨ ਤਾਰਨ 27 ਮਾਰਚ 2025 : ਹਲਕਾ ਵਿਧਾਇਕ ਖਡੂਰ ਸਾਹਿਬ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਪੰਜਾਬ ਵਿਧਾਨ ਸਭਾ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇੱਕ ਮੈਡੀਕਲ ਕਾਲਜ ਦੀ ਸਥਾਪਨਾ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਾਜੈਕਟ ਸਿਹਤ ਸੇਵਾਵਾਂ, ਮੈਡੀਕਲ ਸਿੱਖਿਆ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਤਿਆਰ ਕਰੇਗਾ। ਵਿਧਾਇਕ ਲਾਲਪੁਰਾ ਨੇ ਕਿਹਾ ਕਿ "ਪਿਛਲੇ ਵਿਧਾਇਕਾਂ ਨੇ ਆਪਣੇ ਹਲਕਿਆਂ ਲਈ ਜੇਲਾਂ ਮੰਗੀਆਂ, ਪਰ ਮੈਂ ਆਪਣੇ ਨੌਜਵਾਨਾਂ ਲਈ ਇੱਕ ਮੈਡੀਕਲ ਕਾਲਜ ਦੀ ਮੰਗ ਕਰ ਰਿਹਾ ਹਾਂ। ਇਹ ਇਲਾਕੇ ਦੇ ਵਿਕਾਸ ਵਿੱਚ ਇੱਕ ਨਵੀਂ ਇਬਾਰਤ ਲਿਖੇਗਾ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਗੋਇੰਦਵਾਲ ਸਾਹਿਬ, ਜੋ ਕਿ ਇੱਕ ਇਤਿਹਾਸਕ ਅਤੇ ਧਾਰਮਿਕ ਸਥਾਨ ਹੈ, ਉਥੇ ਸਿਹਤ ਸੇਵਾਵਾਂ ਦੀ ਘਾਟ ਬਹੁਤ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਹੈ। ਇਲਾਕੇ ਦੇ ਮਰੀਜ਼ਾਂ ਨੂੰ ਉੱਚ ਪੱਧਰੀ ਇਲਾਜ ਲਈ ਦੂਰ-ਦੂਰ ਜਾਣਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਾਲਜ ਦੀ ਸਥਾਪਨਾ ਨਾਲ ਖਡੂਰ ਸਾਹਿਬ ਹਲਕੇ ਦੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਨੇੜੇ ਹੀ ਐਮ ਬੀ ਬੀ ਐਸ, ਬੀ ਡੀ ਐਸ ਅਤੇ ਹੋਰ ਮੈਡੀਕਲ ਕੋਰਸ ਕਰਨ ਦਾ ਮੌਕਾ ਮਿਲੇਗਾ। ਸ. ਲਾਲਪੁਰਾ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਕੋਲ ਅਪੀਲ ਕੀਤੀ ਕਿ ਇਸ ਮੈਡੀਕਲ ਕਾਲਜ ਦੀ ਤੁਰੰਤ ਮਨਜ਼ੂਰੀ ਦਿੱਤੀ ਜਾਵੇ ਤਾਂ ਜੋ ਸਿਹਤ, ਸਿੱਖਿਆ ਅਤੇ ਆਰਥਿਕ ਵਿਕਾਸ ਨੂੰ ਹੋਰ ਵਧਾਇਆ ਜਾ ਸਕੇ। ਉਨ੍ਹਾਂ ਨੇ ਆਖ਼ਿਰ ਵਿੱਚ ਕਿਹਾ ਕਿ "ਇਹ ਪ੍ਰਾਜੈਕਟ ਖਡੂਰ ਸਾਹਿਬ ਹਲਕੇ ਦੇ ਵਿਕਾਸ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ।