ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਨੌਸ਼ਹਿਰਾ ਮੱਝਾ ਸਿੰਘ ਵਿਖੇ ਪਿੰਡ ਵਾਸੀਆਂ ਦੀ 40 ਸਾਲ ਪੁਰਾਣੀ ਮੰਗ ਪੂਰੀ ਕਰਦਿਆਂ ਪੀਣ ਵਾਲੇ ਪਾਣੀ ਦੀ ਟੈਂਕੀ ਦਾ ਨੀਂਹ ਪੱਥਰ ਰੱਖਿਆ

ਬਟਾਲਾ, 10 ਅਪ੍ਰੈਲ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਬਟਾਲਾ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਨੌਸ਼ਹਿਰਾ ਮੱਝਾ ਸਿੰਘ ਦੇ ਪਿੰਡ ਵਾਸੀਆਂ ਦੀ 40 ਸਾਲ ਪੁਰਾਣੀ ਮੰਗ ਪੂਰੀ ਕਰਦਿਆਂ ਪੀਣ ਵਾਲੇ ਪਾਣੀ ਦੀ ਟੈਂਕੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਜੇ ਕੁਮਾਰ ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ, ਸਰਪੰਚ ਸ੍ਰੀਮਤੀ ਮਨਦੀਪ ਕੋਰ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਜਿਲਾ ਯੂਥ ਆਗੂ ਮਨਦੀਪ ਸਿੰਘ ਗਿੱਲ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੋਜੂਦ ਸੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਹਲਕੇ ਦਾ ਚਹੁਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹਨ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਅਤੇ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿੱਚ ਹਰੇਕ ਵਰਗ ਦੇ ਹਿੱਤ ਵਿੱਚ ਵੱਡੇ ਐਲਾਨ ਕੀਤੇ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਖ-ਵੱਖ ਖੇਤਰਾਂ ਵਿੱਚ ਲੋਕਹਿੱਤ ਵਿੱਚ ਵੱਡੇ ਕਾਰਜ ਕੀਤੇ ਹਨ। ਬਿਜਲੀ ਦੀ ਗੱਲ ਕਰੀਏ ਤਾਂ ਸਰਕਾਰ ਵਲੋਂ 600 ਯੂਨਿਟ ਬਿਜਲੀ ਮਾਫ ਕੀਤੀ ਗਈ ਹੈ ਅਤੇ 90 ਫੀਸਦ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਮੰਤਵ ਤਹਿਤ ’ਸਕੂਲ ਆਫ ਐਂਮੀਨਸ’ ਖੋਲ੍ਹੇ ਗਏ ਹਨ ਅਤੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁਹੱਲਾ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ, ਜਿਥੇ ਰੋਜ਼ਾਨਾ ਮਰੀਜ਼ ਆਪਣਾ ਇਲਾਜ ਕਰਵਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਉਨਾਂ ਦੀਆਂ ਸੰਪੰਤੀ ਕੁਰਕ ਕੀਤੀਆਂ ਜਾ ਰਹੀਆਂ ਹਨ ਅਤੇ ਨਸ਼ੇ ਵਿਰੁੱਧ ਸਰਕਾਰ ਦੀ ਜ਼ੀਰੋ ਟਾਲਰੈਂਸ ਹੈ। ਉਨਾਂ ਕਿਹਾ ਕਿ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਲੋਕਾਂ ਦੇ ਸਹਿਯੋਗ ਨਾਲ ਸਮਾਜਿਕ ਬੁਰਾਈ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ, ਜਿਸ ਲਈ ਸਰਕਾਰ ਵਚਨਬੱਧ ਹੈ।