ਅੰਮ੍ਰਿਤਸਰ, 5 ਸਤੰਬਰ 2024 : ਅੰਤਰਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ ਦੇ ਉੱਤਰ ਭਾਰਤ ਦੇ ਡਾਇਰੈਕਟਰ ਸ੍ਰੀ ਅਮਨਦੀਪ ਮਿੱਤਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਅੰਮ੍ਰਿਤਸਰ ਕਾਰਪੋਰੇਸ਼ਨ ਦੇ ਸੇਵਾਮੁਕਤ ਅਸਿਸਟੈਂਟ ਕਮਿਸ਼ਨਰ ਸ. ਦਲਜੀਤ ਸਿੰਘ ਭੁੱਲਰ ਤੇ ਪੀਐਸਓ ਸ੍ਰੀ ਕਪਿਲ ਦੇਵ ਵੀ ਮੌਜੂਦ ਸਨ। ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਵਿਖੇ ਪੁੱਜੇ ਸ੍ਰੀ ਅਮਨਦੀਪ ਮਿੱਤਲ ਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਅਮਨਦੀਪ ਮਿੱਤਲ ਨੇ ਕਿਹਾ ਕਿ ਗੁਰੂ ਘਰ ਨਤਮਸਤਕ ਹੋ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ, ਜੋ ਵੀ ਸ਼ਰਧਾ ਨਾਲ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੁੁੰਦਾ ਹੈ, ਗੁਰੂ ਸਾਹਿਬ ਉਸ ਦੀ ਹਰ ਮਨੋਕਾਮਨਾ ਪੂਰੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਿਕ ਕੇਂਦਰ ਹੈ, ਜਿਥੇ ਹਰਇਕ ਨੂੰ ਮਰਯਾਦਾ ਦਾ ਪਾਲਣ ਕਰਦਿਆਂ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ।