ਕੁਦਰਤੀ ਸੋਮਿਆਂ ਦੀ ਸੰਭਾਲ ਲਈ ਝੋਨੇ ਦੀ ਬਿਜਾਏ ਸਾਉਣੀ ਦੀ ਮੱਕੀ ਬੀਜਣ ਦੀ ਜ਼ਰੂਰਤ -ਮੁੱਖ ਖੇਤੀਬਾੜੀ ਅਫ਼ਸਰ

  • ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇੱਕੋ ਦਿਨ 36 ਕੈਂਪ ਲਗਾ ਕੇ ਕਿਸਾਨਾਂ ਨੁੰ ਕੀਤਾ ਜਾਗਰੂਕ

ਬਟਾਲਾ, 22 ਫਰਵਰੀ 2025 : ਜ਼ਿਲ੍ਹਾ ਗੁਰਦਾਸਪੁਰ ਵਿੱਚ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਦੀਆਂ ਖੇਤੀ ਅਤੇ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਖੇਤੀਬਾੜੀ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਵਿਸ਼ੇਸ਼ ਆਦੇਸ਼ਾਂ ਦੀ ਪਾਲਣਾ ਕਰਦਿਆਂ 10 ਬਲਾਕਾਂ ਦੇ ਸਮੂਹ ਸਰਕਲਾਂ ਵਿਚ ਪ੍ਰਤੀ ਸਰਕਲ ਇਕ ਪਿੰਡ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਇਸ ਲੜੀ ਤਹਿਤ ਬਲਾਕ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਕਪੂਰਾ ਵਿਚ ਡਾਕਟਰ ਸ਼ਾਹਬਾਜ ਸਿੰਘ ਚੀਮਾ ਅਤੇ ਬਲਵਿੰਦਰ ਕੌਰ ਖੇਤੀਬਾੜੀ ਵਿਸਥਾਰ ਅਫ਼ਸਰ ਦੇ ਉਦਮ ਸਦਕਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਨੁੱਕੜ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਾਕਟਰ ਅਮਰੀਕ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ । ਮੀਟਿੰਗ ਦਾ ਪ੍ਰਬੰਧ ਝਿਰਮਲ ਸਿੰਘ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਬਾਖੂਬੀ ਕੀਤਾ ਗਿਆ।ਇਸ ਮੌਕੇ ਡਾਕਟਰ ਜੋਬਨਜੀਤ ਸਿੰਘ,ਡਾਕਟਰ ਦਿਲਾਰਜ ਸਿੰਘ,ਡਾਕਟਰ ਅੰਮ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ,ਡਾਕਟਰ ਬਲਵਿੰਦਰ ਕੌਰ ਖੇਤੀਬਾੜੀ ਵਿਸਥਾਰ ਅਫ਼ਸਰ , ਸ੍ਰੀਮਤੀ ਨੀਲਮ ਘੁਮਾਣ,ਮੈਡਮ ਹਰਪ੍ਰੀਤ ਕੌਰ ,ਗੁਰਸੇਵਕ ਸਿੰਘ ,ਰਸ਼ੀਦ ਮੁਹੰਮਦ ਹਾਜ਼ਰ ਸਨ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾਕਟਰ ਅਮਰੀਕ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਵਿਭਾਗ ਵੱਲੋਂ ਹਰ ਬੁੱਧਵਾਰ ਅਤੇ ਸ਼ੁਕਰਵਾਰ ਨੂੰ ਹਰੇਕ ਸਰਕਲ ਦੇ ਇੱਕ ਪਿੰਡ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ ਇੱਕ ਵਜੇ ਤੱਕ  ਪਿੰਡਾਂ ਵਿਚ ਕਿਸਾਨ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ, ਜਿਸ ਦੌਰਾਨ ਕਿਸਾਨ ਆਪਣੀਆਂ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਲੈ ਕੇ ਆਉਂਦੇ ਹਨ ਅਤੇ ਖੇਤੀ ਮਾਹਿਰ ਮੌਕੇ 'ਤੇ ਸਮੱਸਿਆਵਾਂ ਦਾ ਹੱਲ ਕਰਦੇ ਹਨ ਤਾਂ ਜੋਂ ਕਿਸਾਨਾਂ ਦੀ ਖੇਤੀ ਵਿਕਰੇਤਾਵਾਂ ਤੇ ਨਿਰਭਰਤਾ ਘਟਾਈ ਜਾ ਸਕੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਉਣੀ ਰੁੱਤੇ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਅਨੁਸਾਰ ਜ਼ਿਲਾ ਗੁਰਦਾਸਪੁਰ ਵਿੱਚ 7000 ਹੈਕਟੇਅਰ ਰਕਬੇ ਵਿੱਚ ਮੱਕੀ ਦੀ ਕਾਸ਼ਤ ਕੀਤੀ ਜਾਵੇਗੀ। ਉਨਾਂ ਕਿਹਾ ਕਿ ਮੌਸਮੀ ਤਬਦੀਲੀਆਂ ਦਰਮਿਆਨ ਖੇਤੀ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਕਿਸਾਨਾਂ ਨੂੰ ਮੰਦਹਾਲੀ ਦੇ ਦੌਰ ਵਿੱਚੋਂ ਕੱਢਣ ਲਈ ਬਹੁਤ ਵੱਡੇ ਪੱਧਰ ’ਤੇ ਯਤਨ ਕਰਨ ਦੀ ਲੋੜ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਖਰਚੇ ਘਟਾਉਣ ਅਤੇ ਖਾਦਾਂ ਦਵਾਈਆਂ ਦੀ ਸੁਚੱਜੀ ਵਰਤੋਂ ਕਰਨ ਸਮੇਤ ਸਮੇ ਦੇ ਹਾਣੀ ਬਣਾਉਣ ਦੀ ਦਿਸ਼ਾ ਵੱਲ ਕੰਮ ਕਰਨ ਦੀ ਜ਼ਰੂਰਤ ਹੈ। ਉਨਾਂ ਦੱਸਿਆ ਕਿ  ਇਸੇ ਮੰਤਵ ਦੀ ਪੂਰਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇਹ ਵਿਸ਼ੇਸ਼ ਯੋਜਨਾਬੰਧੀ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਰਵਾਇਤੀ ਖੇਤੀ ਤੋਂ ਹਟਾ ਕੇ ਤਕਨੀਕੀ ਖੇਤੀ ਨਾਲ ਜੋੜਿਆ ਜਾ ਸਕੇ।ਇਸ ਦੇ ਨਾਲ ਹੀ ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੁਦ ਵੀ ਆਪਣੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਜੇਕਰ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਜ਼ਰ ਆਉਂਦੀ ਹੈ ਤਾਂ ਤੁਰੰਤ ਖੇਤੀਬਾੜੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ। ਡਾਕਟਰ ਸ਼ਾਹਬਾਜ ਸਿੰਘ ਚੀਮਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਹਰੇਕ ਮੁਸ਼ਕਿਲ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਫਸਲੀ ਵਿਭਿੰਨਤਾ ਲਿਆਉਣ, ਧਰਤੀ ਹੇਠਲਾ ਪਾਣੀ ਬਚਾਉਣ, ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਨ, ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ, ਫਸਲਾਂ ਦੀ ਰਹਿੰਦ ਖੂੰਦ ਦਾ ਅੱਗ ਲਗਾਏ ਬਗੈਰ ਨਿਪਟਾਰਾ ਕਰਨ ਅਤੇ ਚੰਗੇ ਲਾਭ ਵਾਲੀਆਂ ਫਸਲਾਂ ਦੀ ਕਾਸ਼ਤ ਕਰਵਾਉਣ ਲਈ ਖੇਤੀਬਾੜੀ ਵਿਭਾਗ ਦਿਨ ਰਾਤ ਕੰਮ ਕਰ ਰਿਹਾ ਹੈ। ਉਨਾਂ ਨੂੰ ਪੂਰਨ ਉਮੀਦ ਹੈ ਕਿ ਵਿਭਾਗ ਦੇ ਇਹਨਾਂ ਸਾਰਥਿਕ ਯਤਨਾਂ ਦਾ ਕਿਸਾਨਾਂ ਨੂੰ ਭਰਪੂਰ ਫਾਇਦਾ ਹੋਵੇਗਾ। ਡਾਕਟਰ ਦਿਲਰਾਜ ਸਿੰਘ ਨੇ ਪੀ ਐਮ ਕਿਸਾਨ ਸਨਮਾਨ ਨਿਧੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਡਾਕਟਰ ਜੋਬਨਜੀਤ ਸਿੰਘ ਫ਼ਸਲਾਂ ਦੀਆਂ ਬਿਮਾਰੀਆਂ, ਕੀੜੇ ਮਕੌੜਿਆਂ ਦੀ ਰੋਕਥਾਮ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਸ੍ਰੀਮਤੀ ਨੀਲਮ ਘੁਮਾਣ ਨੇ ਕਿਸਾਨ ਬੀਬੀਆਂ ਦੀ ਖੇਤੀਬਾੜੀ ਕਿੱਤੇ ਵਿਚ ਭੂਮਿਕਾ ਬਾਰੇ ਵਿਚਾਰ ਕਿਸਾਨਾਂ ਨਾਲ ਸਾਂਝੇ ਕੀਤੇ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਡਾਕਟਰ ਬਲਵਿੰਦਰ ਕੌਰ ਨੇ ਬਾਖੂਬੀ ਨਿਭਾਈ।