- ਵਿਧਾਇਕ ਸ਼ੈਰੀ ਕਲਸੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼
ਬਟਾਲਾ, 30 ਅਗਸਤ : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਦੇਣ ਅਤੇ ਸਮੱਸਿਆਵਾਂ ਹੱਲ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਤੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਵਿੱਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹ ਅੱਜ ਪਿੰਡ ਲੋਹਚੱਪ ਵਿਖੇ ਪਹੁੰਚੇ ਸਨ, ਜਿਥੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲ ਸੁਣੀਆਂ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਵਚਨਬੱਧ ਹਨ ਅਤੇ ਹਲਕਾ ਵਾਸੀਆਂ ਨੇ ਜੋ ਵਿਸ਼ਵਾਸ ਉਨਾਂ ਉੱਪਰ ਕੀਤਾ ਹੈ, ਉਸ ਉੱਪਰ ਉਹ ਖਰ੍ਹਾ ਉੱਤਰਨਗੇ। ਉਨ੍ਹਾਂ ਕਿਹਾ ਕਿ ਉਹ ਹਲਕਾ ਵਾਸੀਆਂ ਦੀਆਂ ਦਰਪੇਸ਼ ਮੁਸ਼ਕਿਲਾਂ ਸੁਣਕੇ ਹੱਲ ਕਰਵਾਉਣ ਦੇ ਨਾਲ ਹਲਕੇ ਅੰਦਰ ਮੁੱਢਲੇ ਵਿਕਾਸ ਕੰਮ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ ਤੇ ਵਿਕਾਸ ਕਾਰਜਾਂ ਵਿੱਚ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ। ਉਨਾਂ ਕਿਹਾ ਕਿ ਜਿਥੇ ਵਿਕਾਸ ਕਾਰਜ ਚੱਲ ਰਹੇ ਹਨ, ਓਥੇ ਸਬੰਧਤ ਵਿਭਾਗ ਨੂੰ ਕੰਮ ਦੀ ਗੁਣਵੱਤਾ ਤੇ ਮਿਆਰੀ ਕੰਮ ਕਰਨ ਲਈ ਸਖ਼ਤ ਹਦਾਇਤ ਕੀਤੀ ਗਈ ਹੈ। ਉਨਾਂ ਅੱਗੇ ਦੱਸਿਆ ਕਿ ਹਲਕੇ ਦੇ ਪਿੰਡਾਂ ਅੰਦਰ ਚਹੁਮੁਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਪਿੰਡਾਂ ਅੰਦਰ ਨੌਜਵਾਨਾਂ ਦੇ ਖੇਡਣ ਲਈ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ, ਸੁੰਦਰ ਪਾਰਕ, ਸਟਰੀਟ ਲਾਈਟਸ ਆਦਿ ਕੰਮ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਦਿੱਤੀ ਜਾਵੇਗੀ।