- ਕਿਰਾਏ ਦੀ ਅਦਾਇਗੀ ਨਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ
ਬਟਾਲਾ, 11 ਅਗਸਤ : ਨਗਰ ਨਿਗਮ ਬਟਾਲਾ ਨੇ ਬੱਸ ਅੱਡਾ ਬਟਾਲਾ ਵਿਖੇ ਸਥਿਤ ਦੁਕਾਨਾਂ (ਸਟਾਲ) ਵਾਲੇ, ਜਿਨਾਂ ਵਲੋਂ ਕਿਰਾਏ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਨਹੀਂ ਕੀਤੀ ਗਈ ਹੈ, ਉਨਾਂ ਖਿਲਾਫ਼ ਸਖ਼ਤ ਰੁਖ਼ ਅਪਣਾਇਆ ਹੈ ਤੇ ਉਨਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ, ਕਮਿਸ਼ਨਰ ਨਗਰ ਨਿਗਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਸ ਸਟੈਂਡ ਬਟਾਲਾ ਵਿਖੇ ਸਥਿਤ ਸਟਾਲ ਮਾਲਕਾਂ ਵਲੋਂ ਨਗਰ ਨਿਗਮ ਨੂੰ ਕਿਰਾਏ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਅੱਜ ਉਨਾਂ ਨੂੰ ਨੋਟਿਸ ਜਾਰੀ ਕਰਕੇ ਅਦਾਇਗੀ ਕਰਨ ਲਈ ਕਿਹਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਪਹਿਲਾਂ ਵੀ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਕਿਰਾਏ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਨਾ ਕਰਨ ਵਾਲੇ ਸਟਾਲ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਕਿ ਉਹ ਅਦਾਇਗੀ ਜਮਾਂ ਕਰਵਾ ਦੇਣ। ਪਰ ਉਨਾਂ ਵਲੋਂ ਅਦਾਇਗੀ ਜਮ੍ਹਾ ਨਹੀਂ ਕਰਵਾਈ ਗਈ, ਜਿਸ ਲਈ ਅੱਜ ਫਿਰ ਦੁਬਾਰਾ ਉਨਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਹੁਣ ਵੀ ਉਹ ਨਗਰ ਨਿਗਮ ਨੂੰ ਅਦਾਇਗੀ ਨਹੀਂ ਕਰਦੇ ਹਨ ਤਾਂ ਉਨਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਕਮਿਸ਼ਨਰ ਨਗਰ ਨਿਗਮ ਨੇ ਅੱਗੇ ਕਿਹਾ ਕਿ ਕਾਰਪੋਰੇਸ਼ਨ ਸ਼ਹਿਰ ਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਕਾਰਪੋਰੇਸ਼ਨ ਅਜਿਹੇ ਦੁਕਾਨਦਾਰਾਂ ਦੇ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਕਰੇਗਾ, ਜੋ ਨਗਰ ਨਿਗਮ ਨੂੰ ਸਮੇਂ ਸਿਰ ਅਦਾਇਗੀ ਨਹੀਂ ਕਰਦੇ ਹਨ।