
- ਕਿਸਾਨਾਂ ਨੂੰ 871.52 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ
- ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਲਿਫ਼ਟਿੰਗ ਨੇ ਫੜੀ ਤੇਜ਼ੀ
- ਬੀਤੀ ਸ਼ਾਮ ਤੱਕ 123805 ਮੀਟਰਿਕ ਟਨ ਦੀ ਲਿਫ਼ਟਿੰਗ ਮੁਕੰਮਲ ਹੋਈ : ਡਿਪਟੀ ਕਮਿਸ਼ਨਰ
ਗੁਰਦਾਸਪੁਰ, 28 ਅਪ੍ਰੈਲ 2025 : ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਖ਼ਰੀਦੀ ਗਈ ਕਣਕ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਦਾ ਅੰਕੜਾ 4.26 ਲੱਖ ਮੀਟਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਇਸ ਵਿਚੋਂ 388029 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀ ਪਨਗਰੇਨ ਨੇ 114400 ਮੀਟਰਿਕ ਟਨ, ਮਾਰਕਫੈੱਡ ਨੇ 107425 ਮੀਟਰਿਕ ਟਨ, ਪਨਸਪ ਨੇ 91415 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 55869 ਮੀਟਰਿਕ ਟਨ ਅਤੇ ਐੱਫ਼.ਸੀ.ਆਈ. ਨੇ 16560 ਮੀਟਰਿਕ ਟਨ ਕਣਕ ਖ਼ਰੀਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ 24 ਘੰਟੇ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 871.52 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨਾਂ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਪੂਰੀ ਪੀਕ 'ਤੇ ਸੀ ਅਤੇ ਇਸਦੇ ਬਾਵਜੂਦ ਵੀ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਕਿਸਾਨਾਂ ਦੀ ਫ਼ਸਲ ਬਿਨ੍ਹਾਂ ਕਿਸੇ ਦੇਰੀ ਖ਼ਰੀਦ ਕਰਕੇ ਉਨ੍ਹਾਂ ਨੂੰ ਨਾਲ ਦੀ ਨਾਲ ਭੁਗਤਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਖ਼ਰੀਦੀ ਗਈ ਕਣਕ ਦੀ ਲਿਫ਼ਟਿੰਗ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਬੀਤੇ ਕੱਲ੍ਹ ਤੱਕ 123805 ਮੀਟਰਿਕ ਟਨ ਦੀ ਲਿਫ਼ਟਿੰਗ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਲਿਫ਼ਟਿੰਗ ਨੂੰ ਹੋਰ ਤੇਜ਼ ਕਰਦੇ ਹੋਏ ਸਮੇਂ ਸਿਰ ਇਸ ਟਾਸਕ ਨੂੰ ਵੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਦੀ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।