- ਸਕੀਮ ਤਹਿਤ ਸਾਰੇ ਰਜਿਸਟਰਡ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਜਿੰਮੇਦਾਰ ਵਿਭਾਗਾਂ ਨਾਲ ਮੀਟਿੰਗ
- ਡਿਪਟੀ ਕਮਿਸ਼ਨਰ ਨੇ ਮਾਡਲ ਫੇਅਰ ਪ੍ਰਾਈਜ਼ ਸ਼ਾਪ ਦਾ ਕੀਤਾ ਦੌਰਾ
ਅੰਮ੍ਰਿਤਸਰ, 18 ਫਰਵਰੀ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਐਤਵਾਰ ਨੂੰ 'ਘਰ ਘਰ ਮੁਫਤ ਰਾਸ਼ਨ' ਪਹਿਲਕਦਮੀ (ਸਕੀਮ) ਅਧੀਨ ਰਜਿਸਟਰਡ ਹਰੇਕ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣ ਲਈ ਸਾਰੇ ਸਬ ਡਿਵੀਜ਼ਨਲ ਮਜਿਸਟਰੇਟਾਂ ਸਮੇਤ ਸਬੰਧਤ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਹਰੇਕ ਯੋਗ ਘਰ ਤੱਕ ਰਾਸ਼ਨ ਦੀ ਨਿਰਵਿਘਨ ਪਹੁੰਚ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨਾਲ ਵੀਡੀਓ ਕਾਨਫਰੰਸਿੰਗ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ‘ਘਰ ਘਰ ਮੁਫਤ ਰਾਸ਼ਨ' ਤਹਿਤ ਰਾਸ਼ਨ ਦੀ ਵੰਡ ਲਈ ਪੁਖਤਾ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਇਸ ਸਕੀਮ ਅਧੀਨ 138777 ਰਾਸ਼ਨ ਕਾਰਡ ਹਨ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਕੀਮ ਅਧੀਨ ਰਜਿਸਟਰਡ ਸਾਰੇ ਲਾਭਪਾਤਰੀਆਂ ਨੂੰ ਰਾਸ਼ਨ ਮਿਲੇ। ਉਨ੍ਹਾਂ ਇਸ ਸਕੀਮ ਨਾਲ ਜੁੜੇ ਸਾਰੇ ਵਿਭਾਗਾਂ ਨੂੰ ਰੋਜ਼ਾਨਾ ਪ੍ਰਗਤੀ ਰਿਪੋਰਟ ਸੌਂਪਣ ਦੇ ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋਮ ਡਲਿਵਰੀ ਦੇ ਪ੍ਰਬੰਧ ਕੀਤੇ ਜਾਣ ਤੋਂ ਬਾਅਦ ਲਾਭਪਾਤਰੀਆਂ ਨੂੰ ਡਿਪੂਆਂ 'ਤੇ ਜਾਣ ਦੀ ਲੋੜ ਨਹੀਂ ਹੈ। ਉਨ੍ਹਾਂ ਡੀ ਐਫ ਐਸ ਸੀ ਸ. ਸਰਤਾਜ ਸਿੰਘ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਸਕੀਮ ਨੂੰ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਲਾਗੂ ਕੀਤਾ ਜਾਵੇ ਅਤੇ ਕਿਸੇ ਨੂੰ ਵੀ ਪਹਿਲਾਂ ਵਾਂਗ ਰਾਸ਼ਨ ਲੈਣ ਲਈ ਡਿਪੂਆਂ ਤੱਕ ਨਾ ਜਾਣਾ ਪਵੇ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸਮਾਰਟ ਰਾਸ਼ਨ ਕਾਰਡਾਂ ਅਤੇ ਘਰ-ਘਰ ਪਹੁੰਚਾਏ ਜਾਣ ਵਾਲੇ ਰਾਸ਼ਨ ਦੀ ਮਾਤਰਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 138777 ਸਮਾਰਟ ਰਾਸ਼ਨ ਕਾਰਡ ਹਨ, ਜਿਨ੍ਹਾਂ ਨੂੰ ਜਨਵਰੀ ਮਹੀਨੇ ਲਈ ਨਿਰਧਾਰਤ ਕਣਕ ਵੰਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਖੁਰਾਕ ਸਪਲਾਈ ਅਤੇ ਕੰਟਰੋਲਰ ਅਤੇ ਜ਼ਿਲ੍ਹਾ ਮੈਨੇਜਰ ਮਾਰਕਫੈੱਡ ਸ ਗੁਰਪ੍ਰੀਤ ਸਿੰਘ ਸੰਧੂ ਨੂੰ ਵੰਡ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਸਾਰੇ ਲਾਭਪਾਤਰੀਆਂ ਨੂੰ ਸਮੇਂ ਸਿਰ ਰਾਸ਼ਨ ਮਿਲ ਸਕੇ। ਉਨਾਂ ਖੇਤਰੀ ਟਰਾਂਸਪੋਰਟ ਅਫ਼ਸਰ ਨੂੰ ਵਾਧੂ ਵਾਹਨ ਉਪਲਬਧ ਕਰਵਾਉਣ ਲਈ ਕਿਹਾ ਗਿਆ ਹੈ ਤਾਂ ਜੋ ਟੀਮਾਂ ਵੰਡ ਦੀ ਸਮਾਂ-ਸੀਮਾ ਨੂੰ ਖੁੰਝੇ ਬਿਨਾਂ ਪੂਰੇ ਜ਼ਿਲ੍ਹੇ ਨੂੰ ਕਵਰ ਕਰ ਸਕਣ। ਇਸ ਮਗਰੋਂ ਡਿਪਟੀ ਕਮਿਸ਼ਨਰ ਨੇ ਪਿੰਡ ਕਲੇਰ ਦੀ ਮਾਡਲ ਫੇਅਰ ਪ੍ਰਾਈਜ਼ ਸ਼ਾਪ ਦਾ ਦੌਰਾ ਕੀਤਾ। ਅਤੇ ਉੱਥੇ ਰਾਸ਼ਨ ਵੰਡ ਦੀ ਪ੍ਰਕਿਰਿਆ ਨੂੰ ਵੇਖਿਆ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਦੇ ਵਿਚਾਰ ਵੀ ਸੁਣੇ।