ਕਿਸਾਨੀ ਦਾ ਜੀਵਨ ਪੱਧਰ ਉੱਚਾ ਚੁਕਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ : ਲਾਲ ਚੰਦ ਕਟਾਰੂਚੱਕ
ਪਠਾਨਕੋਟ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਵਿਖੇ ਅੱਜ ਜ਼ਿਲਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ ਅਤੇ ਆਤਮਾ ਤਹਿਤ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ।ਕਿਸਾਨ ਮੇਲੇ ਦਾ ਮੁੱਖ ਉਦੇਸ਼“ ਝੋਨੇ ਦੀ ਪਰਾਲੀ ਨੂੰ ਨਾਂ ਜਲਾਈਏ,ਆਓ ਮਿਲ ਕੇ ਪਠਾਨਕੋਟ ਨੂੰ ਪ੍ਰਦੂਸ਼ਣ ਮੁਕਤ ਜ਼ਿਲਾ ਬਣਾਈਏ” ਰਿਹਾ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਣ ਜਾਂ ਹਟਾਉਣ ਦੀ ਬਿਜਾਏ ਖੇਤਾਂ ਵਿੱਚ ਸੰਭਾਲ ਕੇ ਸੁਪਰ ਸੀਡਰ ਜਾਂ ਹੈਪੀ ਸੀਡਰ ਨਾਲ ਕਣਕ ਅਤੇ ਹੋਰ ਫਸਲਾਂ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕਿਸਾਨ ਮੇਲੇ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਅਤੇ ਕੈਂਪ ਦਾ ਉਦਘਾਟਨ ਅਤੇ ਪ੍ਰਧਾਨਗੀ ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ ਨੇ ਕੀਤੀ। ਇਸ ਮੌਕੇ ਖੇਤੀਬਾੜੀ,ਬਾਗਬਾਨੀ,ਡੇਅਰੀ ਵਿਭਾਗ,ਮੱਛੀ ਪਾਲਣ, ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।ਵੱਖ ਵੱਖ ਅਦਾਰਿਆਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ, ਸੁਨੀਲ ਕਾਟਲ ਸਹਾਇਕ ਰਜਿਸਟ੍ਰਾਰ, ਵਿਜੈ ਕੁਮਾਰ ਕਟਾਰੂਚੱਕ ਜਿਲ੍ਹਾ ਮੀਡਿਆ ਇੰਚਾਰਜ ਆਮ ਆਦਮੀ ਪਾਰਟੀ ਪਠਾਨਕੋਟ, ਡਾ.ਵਿਕਰਾਂਤ ਧਵਨ,ਡਾ.ਸੁਖਪ੍ਰੀਤ ਸਿੰਘ ਡਿਪਟੀ ਪੀਡੀ ਆਤਮਾ,ਮਨੋਹਰ ਲਾਲ ਚੇਅਰਮੈਨ ਨਗਰ ਸੁਧਾਰ ਟਰੱਸਟ,ਡਾ. ਪਿ੍ਰਤਪਾਲ ਸਿੰਘ,ਡਾ.ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ, ਪਵਨ ਕੁਮਾਰ ਥਾਪਾ,ਅਨੁਪਮ ਡੋਗਰਾ,ਜਤਿੰਦਰ ਕੁਮਾਰ,ਵਿਸ਼ਾਲ ਸ਼ਰਮਾ ,ਰਵਿੰਦਰ ਸਿੰਘ,ਬਨਵਾਰੀ ਲਾਲ,ਸੁਖਦੇਵ ਰਾਜ ਖੇਤੀ ਵਿਸਥਾਰ ਅਫਸਰ, ਬਲਵਿੰਦਰ ਕੁਮਾਰ,ਮਨਦੀਪ ਹੰਸ ,ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਪੰਜਾਬ ਵਿੱਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਹਰ ਸੰਭਵ ਕੋਸ਼ਿਸ ਕਰ ਰਹੀ ਹੈ।ਉਨਾਂ ਕਿਹਾ ਕਿ ਝੋਨੇ ਦੀ ਸੀਜਨ ਦੌਰਾਨ ਪਹਿਲੀ ਵਾਰ ਹੋਇਆ ਹੈ ਕਿ ਲਵਾਈ ਸਮੇਂ ਬਿਜਲੀ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਅਤੇ ਨਾਂ ਹੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰੇਲੂ ਵਰਤੋਂ ਲਈ ਬਿਜਲੀ ਦੇ ਕੋਈ ਕੱਟ ਲੱਗੇ।ਉਨਾ ਕਿਹਾ ਕਿ ਜ਼ਿਲੇ ਪਠਾਨਕੋਟ ਵਿੱਚ ਗੰਨੇ ਦੀ ਕਾਸਤ ਵੱਡੀ ਪੱਧਰ ਤੇ ਕੀਤੀ ਜਾਂਦੀ ਹੈ।ਉਨਾ ਕਿਹਾ ਕਿ ਸਹਿਕਾਰੀ ਖੰਡ ਮਿੱਲ ਪਨਿਆਂੜ ਅਤੇ ਬਟਾਲਾ ਦੀ ਗੰਨਾ ਪੀੜਨ ਦੀ ਸਮਰੱਥਾ ਦੁਗਣੀ ਹੋਣ ਜਾ ਰਹੀ ਹੈ। ਉਨਾਂ ਕਿਹਾ ਕਿ ਗੰਨਾਂ ਕਾਸਤਕਾਰਾਂ ਦੀ ਕੋਈ ਪੇਮੈਂਟ ਇਸ ਵੇਲੇ ਖੰਡ ਮਿੱਲਾਂ ਵੱਲ ਬਕਾਇਆ ਨਹੀਂ ਹੈ।ਉਨਾ ਕਿਹਾ ਕਿ ਪਹਿਲੀ ਵਾਰ ਗੰਨੇ ਦੀ ਪੜਾਈ ਸੀਜਨ ਸ਼ੁਰੂ ਹੋਣ ਤੋਂ ਪਹਿਲਾਂ ਗੰਨੇ ਦਾ ਖ੍ਰੀਦ ਮੁੱਲ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਕਿਸਾਨ ਗੰਨੇ ਦੀ ਫਸਲ ਹੇਠ ਹੋਰ ਰਕਬਾ ਵਧਾ ਸਕਣ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 20 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖ੍ਰੀਦ ਮੁੱਲ ਵਿੱਚ ਵਾਧਾ ਕੀਤਾ ਗਿਆ ਹੈ ਜਿਸ ਨਾਲ ਹਰੇਕ ਗੰਨਾ ਕਾਸ਼ਤਕਾਰ ਨੂੰ ਪ੍ਰਤੀ ਏਕੜ ਪਿਛੇ ਔਸਤਨ 7000/-ਰੁਪਏ ਦਾ ਫਾਇਦਾ ਹੋਇਆ ਹੈ।ਉਨਾਂ ਕਿਹਾ ਕਿ ਭੋਆ ਹਲਕੇ ਅਤੇ ਜਿਲ੍ਹਾ ਪਠਾਨਕੋਟ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਜੋ ਭਵਿੱਖ ਵਿੱਚ ਦੌਰਾਨ ਲਾਗੂ ਕੀਤੀ ਜਾਵੇਗੀ।ਉਨਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਲਕਾ ਭੋਆ ਦੇ ਪੇਂਡੂ ਇਲਾਕਿਆਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਏ ਜਾਣ ਤਾਂ ਜੋ ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਤੋਂ ਜਾਣੂ ਕਰਵਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਦੀ ਵੱਧ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਸੁਪਰ ਸੀਡਰ ਕੀਤੀ ਜਾਵੇ ਤਾਂ ਜੋ ਕਣਕ ਦੀ ਪੈਦਾਵਾਰ ਵਧਣ ਦੇ ਨਾਲ ਨਾਲ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕੀਤਾ ਜਾ ਸਕੇ। ਉਨਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਕਿਸਾਨ ਸਿਖਲਾਈ ਕੈਂਪ ਲਗਾਉਣਾ ਇੱਕ ਵਧੀਆ ਉਪਰਾਲਾ ਹੈ। ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਬਲਾਕ ਅਤੇ ਪਿੰਡ ਪੱਧਰ ’ਤੇ ਵੀ ਲਗਾਏ ਜਾਣ ਤਾਂ ਜੋ ਜਿਹੜੇ ਕਿਸਾਨ ਇਸ ਕੈਂਪ ਵਿੱਚ ਨਹੀਂ ਆ ਸਕੇ ਹਨ,ਉਹ ਇੰਨ੍ਹਾਂ ਕੈਂਪ ਵਿੱਚ ਆ ਕੇ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ ਅਤੇ ਕਿਸਾਨ ਭਲਾਈ ਸਕੀਮਾਂ ਬਾਰੇ ਜਾਣੂ ਹੋ ਸਕਣ। ਉਨਾਂ ਕਿਹਾ ਕਿ ਪਛਿਲੇ ਸਾਲ ਜ਼ਿਲ੍ਹਾ ਪਟਾਨਕੋਟ ਵਿੱਚ ਸਿਰਫ 6 ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਵਾਕਿਆ ਦਰਜ਼ ਕੀਤੇ ਗਏ ਸਨ ਅਤੇ ਇਸ ਵਾਰ ਜ਼ਿਲ੍ਹਾ ਪਟਾਨਕੋਟ ਨੂੰ ਉੱਤਰੀ ਭਾਰਤ ਦਾ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਨਾਉਣ ਦਾ ਟੀਚਾ ਮਿਥਿਆ ਗਿਆ ਹੈ।ਉਨਾਂ ਸਮੂਹ ਕਿਸਾਨਾਂ ਨੂੰ ਇਸ ਕੰਮ ਵਿੱਚ ਜ਼ਿਲਾ ਪ੍ਰਸ਼ਾਸ਼ਣ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।ਉਨਾਂ ਕਿਹਾ ਕਿ ਮੰਡੀ ਵਿੱਚ ਖੱਜਲ ਖਰਾਬੀ ਤੋਂ ਬਚਣ ਲਈ ਝੋਨੇ ਦੀ ਫਸਲ ਪੂਰੀ ਤਰਾਂ ਪੱਕਣ ਤੇ ਹੀ ਕਟਾਈ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਕਿਸਾਨਾਂ ਦੀਆਂ ਖੇਤੀ ਨਾਲ ਸੰਬੰਧਤ ਸਮੱਸਿਆਵਾਂ ਅਤੇ ਸਕੀਮਾਂ ਪ੍ਰਤੀ ਜਾਗਰੁਕ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਖ ਵੱਖ ਪੱਧਰ ਤੇ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ ਪਰ ਫਿਰ ਵੀ ਜੇਕਰ ਕਿਸੇ ਦੀ ਕੋਈ ਸਮੱੋਸਿਆਂ ਹੋਵੇ ਤਾਂ ਉਹ ਲਿਖਤੀ ਰੂਪ ਵਿੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦਾ ਹੈ।
ਡਾ. ਅਮਰੀਕ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆ ਦਾ ਟਾਕਰਾ ਕਰਨ ਲਈ ਕਿਸਾਨਾਂ ਨੂੰ ਫਸਲਾਂ ਦੀ ਪੈਦਾਵਾਰ ਤੇ ਹੁੰਦੇ ਖਰਚੇ ਦਾ ਹਿਸਾਬ ਕਿਤਾਬ ਰੱਖਣਾ ਚਾਹੀਦਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਕਿੰਨਾ ਖਰਚਾ ਅਤੇ ਕਿੰਨਾਂ ਲਾਭ ਹੋਇਆ ਹੈ।ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਖੇਤੀ ਮਾਹਿਰਾਂ ਦੁਆਰਾ ਕੀਤੀਆਂ ਗਈਆਂ ਸਿਫਾਰਸ਼ਾਂ ਅਨੁਸਾਰ ਹੀ ਕਰਨ। ਇਸ ਮੌਕੇ ਖੇਤੀ ਮਾਹਿਰ ਡਾ.ਸੁਮੇਸ਼ ਚੋਪੜਾ ਨੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ, ਡਾ.ਰਜਿੰਦਰ ਸਿੰਘ ਬੱਲ ਨੇ ਫਸਲਾਂ ਦੀ ਬਿਮਾਰੀਆਂ,ਡਾ ਸੀਮਾ ਸਰਮਾ ਨੇ ਮਿੱਟੀ ਦੀ ਸਿਹਤ ਸੁਧਾਰ ਬਾਰੇ,ਡਾ. ਪੁਨੀਤ ਕੁਮਾਰ ਝੋਨੇ ਦੀ ਪਰਾਲੀ ਸੰਭਾਲਣ ਲਈ ਵੱਖ ਵੱਖ ਮਸ਼ੀਨਰੀ ਬਾਰੇੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਡਾ. ਪਿ੍ਰਤਪਾਲ ਸਿੰਘ ਅਤੇ ਡਾ.ਵਿਕ੍ਰਾਤ ਧਵਨ ਨੇ ਸਟੇਜ ਸਕੱਤਰ ਦੇ ਫਰਜ਼ ਬਾਖੂਬੀ ਨਿਭਾਉਣ ਦੇ ਨਾਲ ਨਾਲ ਏਕੀਕਿ੍ਰਤ ਖੇਤੀ ਪ੍ਰਬੰਧ ਦੇ ਨੁਕਤੇ ਸਾਂਝੇ ਕੀਤੇ।ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਸਹੁੰ ਵੀ ਚੁਕਾਈ ਗਈ।ਇਸ ਮੌਕੇ ਦਸ ਅਗਾਂਹਵਧੂ ਕਿਸਾਨਾਂ ਅਤੇ ਬੇਹਤਰ ਕਾਰਗੁਜਾਰੀ ਦਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨ ਪੱਤਰ ਅਤੇ ਫਲਦਾਰ ਪੌਦੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ।