ਗੁਰਦਾਸਪੁਰ, 11 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਜਾਗਰੂਕਤਾ ਮੁਹਿੰਮ ਤਹਿਤ ਜਿਥੇ ਪਿੰਡ-ਪਿੰਡ ਜਾ ਕੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਓਥੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵੀ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ ਤਾਂ ਜੋ ਉਹ ਆਪਣੇ ਮਾਪਿਆਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰ ਸਕਣ। ਇਸੇ ਲੜੀ ਤਹਿਤ ਅੱਜ ਖੇਤੀਬਾੜੀ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਕਾਹਨੂੰਵਾਨ ਵਿਖੇ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੇ ਵਿਸ਼ੇ ’ਤੇ ਪੇਟਿੰਗ, ਕਵਿਤਾ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬਲਾਕ ਖੇਤੀਬਾੜੀ ਅਫ਼ਸਰ ਦਿਲਬਾਗ ਸਿੰਘ ਭੱਟੀ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਸਾਡੇ ਵਾਤਾਵਰਨ ਨੂੰ ਬਹੁਤ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ ਜਿਸ ਨਾਲ ਫ਼ਸਲਾਂ ਦਾ ਝਾੜ ਬਹੁਤ ਘੱਟ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਘਰਾਂ ਵਿੱਚ ਜਾ ਕੇ ਆਪਣੇ ਮਾਪਿਆਂ ਅਤੇ ਹੋਰ ਜਾਣਕਾਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਤ ਕਰਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਹਿੰਦਰ ਸਿੰਘ, ਏ.ਡੀ.ਓ. ਭਵਜੀਤ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਦਿਲਬਾਗ ਸਿੰਘ ਭੱਟੀ, ਸੁਰਜੀਤ ਸਿੰਘ ਅਤੇ ਹੋਰ ਪ੍ਰਬੰਧਕਾਂ ਵੱਲੋਂ ਪੇਟਿੰਗ, ਕਵਿਤਾ ਤੇ ਡਿਬੇਟ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ।