ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਗੁਰੂ ਨਾਨਕ ਸਾਹਿਬ ਦੇ ਸ਼ਰਧਾਲੂ ਨਵਾਬ ਰਾਏ ਬੁਲਾਰ, ਬਲਵਿੰਦਰ ਸਿੰਘ ਜਟਾਣਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜੋਗਿੰਦਰ ਸਿੰਘ ਪੰਜਰਥ ਤੇ ਹਰਿੰਦਰ ਸਿੰਘ ਰਣੀਆਂ ਦੀਆਂ ਤਸਵੀਰਾਂ ਲਾਈਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨਿਭਾਈ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਨਵਾਬ ਰਾਏ ਬੁਲਾਰ, ਗੁਰੂ ਨਾਨਕ ਸਾਹਿਬ ਦੇ ਸ਼ਰਧਾਲੂ ਸਨ, ਜਿਨ੍ਹਾਂ ਨੇ ਗੁਰੂ ਸਾਹਿਬ ਦੀ ਛੋਟੀ ਉਮਰ ਵਿਚ ਹੀ ਉਨ੍ਹਾਂ ਅੰਦਰੋਂ ਰੱਬੀ ਨੂਰ ਦੇ ਦੀਦਾਰ ਕੀਤੇ। ਰਾਏ ਬੁਲਾਰ ਨੇ ਗੁਰੂ ਸਾਹਿਬ ਨੂੰ ਆਪਣੀ ਜਾਇਦਾਦ ਦਾ ਵੱਡਾ ਹਿੱਸਾ ਭੇਟਾ ਕੀਤਾ। ਐਡਵੋਕੇਟ ਧਾਮੀ ਨੇ ਸਰਕਾਰਾਂ ’ਤੇ ਇਤਰਾਜ਼ ਜਿਤਾਇਆ ਕਿ ਸ਼੍ਰੋਮਣੀ ਕਮੇਟੀ ਨੇ ਨਵਾਬ ਰਾਏ ਬੁਲਾਰ ਜੀ ਦੀ ਤਸਵੀਰ ਲਗਾਉਣ ਲਈ ਉਨ੍ਹਾਂ ਦੇ ਵੰਜ਼ਸ਼ਾਂ ਨੂੰ ਕਈ ਵਾਰ ਸੱਦਾ ਭੇਜਿਆ ਪਰ ਵੀਜ਼ਾ ਨਾ ਦਿੱਤੇ ਜਾਣ ਕਰਕੇ ਉਹ ਸ਼ਾਮਲ ਨਹੀਂ ਹੋ ਸਕੇ। ਇਸੇ ਤਰ੍ਹਾਂ ਉਨ੍ਹਾਂ ਨੇ ਹੋਰਨਾਂ ਸ਼ਖ਼ਸੀਅਤਾਂ ਬਾਰੇ ਦੱਸਿਆ। ਸਮਾਗਮ ਦੌਰਾਨ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਵਿਚਾਰਾਂ ਦੀ ਸਾਂਝ ਪਾਈ। ਬੁਲਾਰਿਆਂ ਨੂੰ ਸਮਾਂ ਦੇਣ ਦੀ ਸੇਵਾ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਨਿਭਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਗੁਰਪ੍ਰੀਤ ਸਿੰਘ ਝੱਬਰ, ਬੀਬੀ ਨਰਿੰਦਰ ਕੌਰ ਰਣੀਆਂ, ਓਐਸਡੀ ਸਤਬੀਰ ਸਿੰਘ ਧਾਮੀ ਤੇ ਹੋਰ ਸੱਜਣ ਹਾਜ਼ਰ ਸਨ।