ਅੰਮ੍ਰਿਤਸਰ, 24 ਜੁਲਾਈ 2024 : ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੀ ਸ਼ਿਕਾਇਤ ਵਿਚ ਲਾਏ ਦੋਸ਼ਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਲਿਖਤੀ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੁੱਜ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਹੈ। ਉਹਨਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਬਲਵਿੰਦਰ ਸਿੰਘ ਭੂੰਦੜ ਅਤੇ ਸ. ਅਲਵਿੰਦਰਪਾਲ ਸਿੰਘ ਪੱਖੋਕੇ ਵੀ ਮੌਜੂਦ ਹਨ। ਸੁਖਬੀਰ ਸਿੰਘ ਬਾਦਲ ਜਿਉਂ ਹੀ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਪਹੁੰਚੇ ਤਾਂ ਉਹਨਾਂ ਪਹਿਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ। ਇਸ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪਸ਼ਟੀਕਰਨ ਦੇਣ ਲਈ ਪਹੁੰਚੇ ਹਨ। ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਲ ਸਪਸ਼ਟੀਕਰਨ ਦੇਣ ਸਮੇਂ ਮੁਲਾਕਾਤ ਕੀਤੀ, ਤੇ ਲਿਖਤੀ ਸਪਸ਼ਟੀਕਰਨ ਸੌਂਪਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਸਪਸ਼ਟੀਕਰਨ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿ. ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਖਤੀ ਸਪਸ਼ਟੀਕਰਨ ਸੌਂਪਿਆ ਹੈ। 5 ਸਿੰਘ ਸਾਹਿਬਾਨਾਂ ਦੀ ਮੀਟਿੰਗ ’ਚ ਸਪਸ਼ਟੀਕਰਨ ਨੂੰ ਵਿਚਾਰਿਆ ਜਾਵੇਗਾ। ਪੰਜ ਜਥੇਦਾਰ ਸਾਹਿਬਾਨਾਂ ਦੀ ਅਗਲੀ ਮੀਟਿੰਗ ’ਚ ਵਿਚਾਰਣ ਪਿੱਛੋਂ ਅਗਲਾ ਫੈਸਲਾ ਲਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹਨਾਂ ਨੇ ਜਥੇਦਾਰ ਤੇ ਹੁਕਮ ਤੇ ਆਪਣਾ ਸ਼੍ਰੋਮਣੀ ਕਮੇਟੀ ਵਲੋਂ 2015 ਵਿੱਚ ਦਿੱਤੇ 90 ਲੱਖ ਦੇ ਦਿੱਤੇ ਇਸ਼ਤਿਹਾਰ ਸਬੰਧੀ ਆਪਣਾ ਬੰਦ ਲਿਫਾਫਾ ਸਪਸ਼ਟੀਕਰਨ ਦੇ ਦਿੱਤਾ ਹੈ। ਪੰਜ ਸਿੰਘ ਸਾਹਿਬਾਨ ਵੱਲੋਂ ਜੋ ਵੀ ਫੈਸਲਾ ਹੋਵੇਗਾ, ਉਹਨਾਂ ਨੂੰ ਮਨਜ਼ੂਰ ਹੋਵੇਗਾ।