ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਲੋਕ ਲਹਿਰ ਬਣਾਉਣ ਲਈ ਕੱਲ੍ਹ 01 ਦਸੰਬਰ ਨੂੰ ਦਸਤਖ਼ਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਇਕ ਫਾਰਮ ਭਰ ਕੇ ਗਵਰਨਰ ਪੰਜਾਬ ਨੂੰ ਦਿੱਤੇ ਜਾਣਗੇ ਤਾਂ ਜੋ ਲੋਕਾਂ ਦੀ ਮੰਗ ਸਰਕਾਰ ਤੱਕ ਪਹੁੰਚਾਈ ਜਾ ਸਕੇ। ਪਰ ਕਿਤੇ ਨਾ ਕਿਤੇ ਇਸ ਮੁਹਿੰਮ ਨੂੰ ਰਾਜਨੀਤੀ ਨਾਲ ਵੀ ਜੋੜਿਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਸੀਲਿਆ ਨਾਲ ਇਕੱਤਰ ਕੀਤਾ ਡਾਟਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਲਈ ਵਰਤਨ ਦੀਆਂ ਚਰਚਾਵਾਂ ਵੀ ਸ਼ੁਰੂ ਹੋ ਗਈਆਂ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਹੀਲੇ ਯਤਨ ਕਰੇਗੀ। ਪ੍ਰਧਾਨ ਐਡਵੋਕੇਟ ਧਾਮੀ ਵੱਲੋਂ 1 ਦਸੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸਵੇਰੇ ਅਤੇ ਦੁਪਹਿਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਦਸਤਖਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀ ਤੋਂ ਇਲਾਵਾ ਬਾਹਰਲੇ ਰਾਜਾਂ ਵਿੱਚ ਵੀ ਇਹ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਲੋਕ ਲਹਿਰ ਬਣਾ ਕੇ ਸਰਕਾਰ ਤੱਕ ਆਪਣੀ ਆਵਾਜ ਰੱਖੀ ਜਾ ਸਕੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ 9 ਸਿੱਖ ਕੈਦੀਆਂ ਦੀ ਸੂਚੀ ਭੇਜੀ ਗਈ ਹੈ ਜਿਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋਈਆਂ ਨੂੰ ਵੀ ਲੰਮਾ ਸਮਾਂ ਬੀਤ ਚੁੱਕਾ ਹੈ। ਸਿੱਖਾ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਡਾਟਾ ਵਰਤਣ ਸਬੰਧੀ ਉਨ੍ਹਾਂ ਕਿਹਾ ਕਿ ਇਹ ਸਭ ਝੂਠ ਹੈ। ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਡਾਟਾ ਇੱਕਠਾ ਕਰੇਗੀ | ਉਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਵਿੱਚ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ ਇਕੱਤਰ ਕੀਤੇ ਡਾਟੇ ਅਨੁਸਾਰ ਹਰੇਕ ਤੱਕ ਪ੍ਰੋਗਰਾਮ ਪੁੱਜਦਾ ਕੀਤਾ ਜਾਵੇਗਾ, ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਦਰਦ ਰੱਖਣ ਵਾਲੇ ਸਮੇਂ ਸਮੇਂ ਸਿਰ ਪ੍ਰੋਗਰਾਮਾਂ ਵਿੱਚ ਸ਼ਾਮਲ ਹੋ ਸਕਣ।