- ਸਮੂਹ ਮਾਲ ਅਧਿਕਾਰੀਆਂ ਨੂੰ ਮੌਜੂਦਾ ਕੁਲੈਕਟਰ ਰੇਟ ਨੂੰ ਵਰਤਮਾਨ ਹਾਲਾਤਾਂ ਦੇ ਅਨੁਕੂਲ ਬਣਾਉਣ ਲਈ ਸਬੰਧਿਤ ਧਿਰਾਂ ਨਾਲ ਵਿਚਾਰ ਚਰਚਾ ਕਰਕੇ ਪ੍ਰਸਤਾਵ ਭੇਜਣ ਦੀ ਕੀਤੀ ਹਦਾਇਤ
ਤਰਨ ਤਾਰਨ, 27 ਜੂਨ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਤਰਨ ਤਾਰਨ ਵਿੱਚ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਲਈ ਕਾਰਵਾਈ ਜਾਰੀ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐੱਸ. ਡੀ. ਐੱਮ. ਪੱਟੀ ਸ੍ਰੀ ਵਿਪਨ ਭੰਡਾਰੀ, ਐੱਸ. ਡੀ. ਐੱਮ. ਭਿੱਖੀਵਿੰਡ ਸ੍ਰ ਿਅਨਿਲ ਗੁਪਤਾ, ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਅਦਿਤਿਆ ਗੁਪਤਾ, ਕਾਰਜ ਸਾਧਕ ਅਫ਼ਸਰ ਤਰਨ ਤਾਰਨ ਸ੍ਰੀ ਕਮਲਜੀਤ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਪੱਟੀ ਸ੍ਰੀ ਅਨਿਲ ਕੁਮਾਰ ਚੋਪੜਾ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨ ਦੇ ਮੌਜੂਦਾ ਕੁਲੈਕਟਰ ਰੇਟ ਨੂੰ ਵਰਤਮਾਨ ਹਾਲਾਤਾਂ ਦੇ ਅਨੁਕੂਲ ਬਣਾਉਣ ਲਈ ਤੁਰੰਤ ਸਾਰੀਆਂ ਸਬੰਧਿਤ ਧਿਰਾਂ ਨਾਲ ਵਿਚਾਰ ਚਰਚਾ ਕਰਕੇ ਤੁਰੰਤ ਪ੍ਰਸਤਾਵ ਭੇਜਣ ਤਾਂ ਜੋ ਉਨ੍ਹਾਂ ਦੇ ਆਧਾਰ ’ਤੇ ਪੰਜਾਬ ਸਰਕਾਰ ਵਲੋਂ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੁਲੈਕਟਰ ਰੇਟਾਂ ਦੇ ਪ੍ਰਸਤਾਵ ਵੇਲੇ ਜ਼ਮੀਨ ਦੀ ਹਾਲਤ, ਵਪਾਰਕ ਵਰਤੋਂ, ਨਵੀਆਂ ਨਿਕਲੀਆਂ ਸੜਕਾਂ, ਰਿਹਾਇਸ਼ੀ ਕਾਲੋਨੀਆਂ ਜਿਹੇ ਮਾਪਦੰਡਾਂ ਨੂੰ ਧਿਆਨ ਵਿਚ ਰੱਖਿਆ ਜਾਵੇ।ਉਨਾਂ ਇਹ ਵੀ ਕਿਹਾ ਕਿ ਕੁਝ ਥਾਵਾਂ ’ਤੇ ਕੁਲੈਕਟਰ ਰੇਟਾਂ ਅਤੇ ਮਾਰਕੀਟ ਭਾਅ ਵਿੱਚ ਜ਼ਿਆਦਾ ਵਖਰੇਵੇਂ ਨੂੰ ਦੂਰ ਕਰਨ ਲਈ ਸਾਰੇ ਪੱਖਾਂ ਨੂੰ ਵਿਚਾਰਿਆ ਜਾਵੇ।ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਰੇਟ ਪੰਜਾਬ ਸਰਕਾਰ ਨੂੰ ਭੇਜੇ ਜਾਣਗੇ ਤਾਂ ਜੋ ਕੁਲੈਕਟਰ ਰੇਟ ਹੋਰ ਸਾਰਥਿਕ ਹੋ ਸਕਣ।