- ਬਿਆਸ ਦਰਿਆ ਨੇੜਲੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ
ਬਟਾਲਾ, 18 ਅਗਸਤ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਨਾਲ ਪੈਦਾ ਹੋਈ ਸੰਕਟ ਦੀ ਘੜੀ ਵਿੱਚ ਲੋਕਾਂ ਨਾਲ ਖੜ੍ਹੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਕੈਬਨਿਟ ਮੰਤਰੀ, ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਸਮੇਤ ਪੂਰਾ ਪ੍ਰਸ਼ਾਸਨ ਲੋਕਾਂ ਨੂੰ ਰਾਹਤ ਦੇਣ ਵਿੱਚ ਦਿਨ ਰਾਤ ਲੱਗਾ ਹੋਇਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਉਹ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਬਿਆਸ ਦਰਿਆ ਨੇੜਲੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਗਏ ਸਨ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸੂ ਅਗਰਵਾਲ, ਚੇਅਰਮੈਨ ਰਮਨ ਬਹਿਲ ਅਤੇ ਐਸ.ਐਸ.ਪੀ ਹਰੀਸ਼ ਦਯਾਮਾ ਵੀ ਮੋਜੂਦ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਐਨ.ਡੀ.ਆਰ.ਐਫ, ਭਾਰਤੀ ਫੌਜ ਦੇ ਜਵਾਨ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਜੰਗੀ ਪੱਧਰ ਤੇ ਰਾਹਤ ਕਾਰਜ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਅਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਅਤੇ ਲੋਕ ਇਸ ਮੁਸ਼ਕਲ ਘੜੀ ਵਿੱਚ ਇੱਕ ਦੂਜੇ ਨਾਲ ਪਿਆਰ ਅਤੇ ਮੇਲ-ਮਿਲਾਪ ਦੀ ਵਿਲੱਖਣ ਭਾਵਨਾ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮਿਸ਼ਨਰੀ ਭਾਵਨਾ ਨਾਲ ਇਕ-ਦੂਜੇ ਦੀ ਮਦਦ ਕਰ ਰਹੇ ਹਨ ਜਿਸ ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋ ਰਹੀਆਂ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਪੀੜਤ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।