ਤਰਨ ਤਾਰਨ, 19 ਜੁਲਾਈ : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਵਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਸਬੰਧੀ ਵਿਸਥਾਰਿਤ ਰਿਪੋਰਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਕੋਲੋਂ ਇੱਕ ਹਫ਼ਤੇ ਵਿੱਚ ਮੰਗੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਲਿਖੇ ਪੱਤਰ ਅਨੁਸਾਰ ਉਨ੍ਹਾਂ ਕਿਹਾ ਹੈ ਕਿ ਹੜ੍ਹ ਪ੍ਰਭਾਵਿਤ ਸਕੂਲਾਂ/ਆਂਗਣਵਾੜੀ ਕੇਂਦਰਾਂ ਦੇ ਨਾਮ, ਪਤਾ, ਸੰਪਰਕ ਨੰਬਰ ਅਤੇ ਹੋਏ ਨੁਕਸਾਨ ਬਾਰੇ ਵੇਰਵੇ ਸਾਂਝੇ ਕੀਤੇ ਜਾਣ। ਇਸ ਤੋਂ ਇਲਾਵਾ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ, ਵਿੱਦਿਅਕ ਗਤੀਵਿਧੀਆਂ ਬਹਾਲ ਕਰਨ ਅਤੇ ਬੁਨਿਆਦੀ ਢਾਂਚੇ ਦੀ ਮੁਰੰਮਤ ਆਦਿ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਜਾਣਕਾਰੀ ਮੰਗੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੜ੍ਹ ਪ੍ਰਭਾਵਿਤ ਸਕੂਲਾਂ, ਆਂਗਣਵਾੜੀ ਕੇਂਦਰਾਂ ਵਿੱਚ ਤੁਰੰਤ ਪੂਰੀਆਂ ਕੀਤੀਆਂ ਜਾਣ ਵਾਲੀਆਂ ਲੋੜਾਂ ਅਤੇ ਵਿੱਦਿਅਕ ਸਮੱਗਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹੋਰ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਹੜ੍ਹਾਂ ਦੇ ਮਾਰੂ ਪ੍ਰਭਾਵ ਤੋਂ ਉੱਭਰਿਆ ਜਾ ਸਕੇ।