- ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਬਾਬਤ ਸਿਬਿਨ ਸੀ. ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਸਵੀਪ ਤੇ ਸੋਸ਼ਲ ਮੀਡੀਆ ਦੇ ਨੋਡਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ
ਗੁਰਦਾਸਪੁਰ, 19 ਫਰਵਰੀ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰਾਂ ਅਤੇ ਜ਼ਿਲ੍ਹਾ ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਨਾਲ ਇਕ ਅਹਿਮ ਮੀਟਿੰਗ ਕਰਕੇ 'ਇਸ ਵਾਰ 70 ਪਾਰ' ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਸ੍ਰੀ ਸਿਬਿਨ ਸੀ. ਨੇ ਕਿਹਾ ਕਿ ਚੋਣ ਅਮਲ ਵਿੱਚ ਸ਼ਾਮਿਲ ਸਾਰੇ ਅਧਿਕਾਰੀ 70 ਫ਼ੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਲਈ ਕੋਸ਼ਿਸ਼ਾਂ ਤੇਜ਼ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਜਿਨ੍ਹਾਂ ਇਲਾਕਿਆਂ ਵਿਚ ਵੋਟ ਪ੍ਰਤੀਸ਼ਤ ਘੱਟ ਰਹੀ ਸੀ, ਉਨ੍ਹਾਂ ਖੇਤਰਾਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਟੀਚਾ ਪ੍ਰਾਪਤ ਕਰਨ ਲਈ ਚੋਣ ਕਮਿਸ਼ਨ ਵੱਲੋਂ ਭੇਜੀਆਂ ਪਬਲਿਸਿਟੀ ਮੋਬਾਈਲ ਵੈਨਾਂ, ਜਾਗਰੂਕ ਮੁਹਿੰਮਾਂ ਅਤੇ ਹੋਰ ਸਾਧਨਾਂ ਦੀ ਮਦਦ ਲਈ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਲੋਕਾਂ ਨੂੰ ਵੱਧ ਤੋਂ ਵੱਧ ਵੋਟ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਮੁੱਖ ਚੋਣ ਅਫ਼ਸਰ ਸ੍ਰੀ ਸਿਬਿਨ ਸੀ. ਨੇ ਕਿਹਾ ਕਿ ਵੋਟਰ ਜਾਗਰੂਕਤਾ ਲਈ ਮੀਡੀਆ ਦੇ ਵੱਖ-ਵੱਖ ਮਾਧਿਅਮ ਤੋਂ ਇਲਾਵਾ ਸੋਸ਼ਲ ਮੀਡੀਆ ਪਲੇਟਫ਼ਾਰਮ ਦਾ ਵੀ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਸਮੇਤ ਹਰ ਉਮਰ ਵਰਗ ਅਤੇ ਲਿੰਗ ਦੇ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਟਾਰਗੈਟ 'ਇਸ ਵਾਰ 70 ਪਾਰ' ਨੂੰ ਹਰ ਹੀਲੇ ਪੂਰਾ ਕਰਨ ਲਈ ਯਤਨ ਕੀਤੇ ਜਾਣ। ਇਸ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਸਵੀਪ ਤੇ ਸੋਸ਼ਲ ਮੀਡੀਆ ਦੇ ਨੋਡਲ ਅਫ਼ਸਰਾਂ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਸਮੀਖਿਆ ਵੀ ਕੀਤੀ।