ਸ: ਸ਼ਾਮ ਸਿੰਘ ਅਟਾਰੀ ਦੀ ਸ਼ਹਾਦਤ ਤੋਂ ਨਵੀਂ ਪੀੜ੍ਹੀ ਨੂੰ ਸੇਧ ਲੈਣ ਦੀ ਲੋੜ -ਵਿਧਾਇਕ ਰਮਦਾਸ

  • 179ਵੇਂ ਸ਼ਹੀਦੀ ਦਿਵਸ ਮੌਕੇ ਹੋਇਆ ਰਾਜ ਪੱਧਰੀ ਸਮਾਗਮ
  • ਮੇਅਰ ਨਗਰ ਨਿਗਮ ਨੇ ਝੰਡੀ ਦੇ ਕੇ ਸਾਈਕਲ ਰੈਲੀ ਨੂੰ ਕੀਤਾ ਰਵਾਨਾ

ਅੰਮ੍ਰਿਤਸਰ/ ਅਟਾਰੀ, 10 ਫਰਵਰੀ 2025 : ਰਾਜ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 179ਵਾਂ ਸ਼ਹੀਦੀ ਦਿਹਾੜਾ ਅੱਜ ਅਟਾਰੀ ਸਮਾਧ ’ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਸ: ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਸ਼ਾਮਲ ਹੋਏ। ਇਸ ਮੌਕੇ ਅਟਾਰੀ ਵਿਖੇ ਮੇਅਰ ਨਗਰ ਨਿਗਮ ਸ੍ਰ: ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ,ਬ੍ਰਿਗੇਡੀਅਰ ਸ੍ਰੀ ਯੋਗੇਸ਼ ਸ਼ਰਮਾ, ਸ੍ਰੀ ਸੌਰਵ ਜਾਮਵਾਲ, ਕਰਨਲ ਆਰ.ਪੀ. ਜੋਸ਼ੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਸਾਬਕਾ ਮੰਤਰੀ ਸ: ਗੁਲਜਾਰ ਸਿੰਘ ਰਣੀਕੇ, ਐਸ.ਡੀ.ਐਮ ਸ: ਗੁਰਸਿਮਰਨ ਸਿੰਘ ਢਿਲੋਂ, ਕਰਨਲ ਕੁਲਦੀਪ ਸਿੰਘ ਸਿੱਧੂ, ਕਰਨਲ ਹਰਿੰਦਰ ਸਿੰਘ ਅਟਾਰੀ ਨੇ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦੇ ਆਦਮਕਦ ਬੁੱਤ ਉੱਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸ. ਸ਼ਾਮ ਸਿੰਘ ਅਟਾਰੀਵਾਲਾ ਸਿੱਖ ਕੌਮ ਦੇ ਮਹਾਨ ਜਰਨੈਲ ਹੋਏ ਹਨ ਜਿਨ੍ਹਾਂ ਦੀ ਸ਼ਹਾਦਤ ਆਉਣ ਨਵੀਂ ਪੀੜ੍ਹੀ ਲਈ ਚਾਨਣ ਮੁਨਾਰਾ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਇਕ ਪਰਿਵਾਰ ਨਾਲ ਸਬੰਧਤ ਨਹੀਂ ਹੁੰਦੇ ਉਹ ਕੌਮ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ. ਸ਼ਾਮ ਸਿੰਘ ਅਟਾਰੀਵਾਲਾ ਨੇ 10 ਫਰਵਰੀ 1846 ਨੂੰ ਸਭਰਾਵਾਂ ਦੀ ਜੰਗ ਵਿਚ ਜਿਸ ਬਹਾਦਰੀ ਨਾਲ ਅੰਗਰੇਜ਼ੀ ਫੌਜਾਂ ਦਾ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਤਾ ਉਹ ਆਪਣੇ ਆਪ ਵਿਚ ਮਿਸਾਲ ਹੈ। ਸ. ਰਮਦਾਸ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਮਹਾਨ ਸ਼ਹੀਦ ਦੀ ਸ਼ਹਾਦਤ ਨੂੰ ਸਿਜਦਾ ਕਰਦੀ ਹੈ ਜਿਨ੍ਹਾਂ ਨੇ ਆਪਣੀ ਜਾਨ ਨੂੰ ਦੇਸ਼- ਕੌਮ ਲਈ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੀ, ਜਿਨ੍ਹਾਂ ਨੇ ਅੰਗਰੇਜ਼ ਹਕੂਮਤ ਨੂੰ ਦੇਸ਼ ਵਿਚੋਂ ਕੱਢ ਕੇ ਹੀ ਸਾਹ ਲਿਆ। ਉਨਾਂ ਕਿਹਾ ਕਿ ਅਟਾਰੀ ਪਿੰਡ ਨੂੰ ਨਵਾਂ ਰੂਪ ਦਿੱਤਾ ਜਾਵੇਗਾ ਤਾਂ ਜੋ ਰੀਟਰੀਟ ਦੇਖਣ ਆਉਣ ਵਾਲੇ ਯਾਤਰੂ ਅਟਾਰੀਵਾਲਾ ਦੀ ਸਮਾਧ ਤੇ ਆਉਣ ਅਤੇ ਆਪਣੇ ਬੱਚਿਆਂ ਨੂੰ ਉਨਾਂ ਦੀ ਸ਼ਹਾਦਤ ਬਾਰੇ ਦੱਸਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਦੇ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਅਤੇ ਆਪਣੇ ਬੱਚਿਆਂ ਨੂੰ ਵੀ ਇਤਿਹਾਸ ਤੋਂ ਜਾਣੂੰ ਕਰਾਉਣ। ਇਸੇ ਦੌਰਾਨ ਢਾਡੀ ਜੱਥਿਆਂ ਵੱਲੋਂ ਸ਼ਹੀਦ ਦੀ ਯਾਦ ਵਿੱਚ ਵਾਰਾਂ ਵੀ ਗਾਈਆਂ। ਅਟਾਰੀ ਸਮਾਧ ਵਿਖੇ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਧਾਰਮਿਕ ਦੀਵਾਨ ਸਜਾਏ ਗਏ। ਕੀਰਤਨੀ ਸਿੰਘਾਂ ਨੇ ਗੁਰੂ ਜਸ ਗਾਇਨ ਕੀਤਾ ਅਤੇ ਢਾਡੀ ਜਥਿਆਂ ਨੇ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਬਿਰਤਾਂਤ ਸੰਗਤਾਂ ਨਾਲ ਸਾਂਝਾ ਕੀਤਾ। ਵੱਡੀ ਗਿਣਤੀ ’ਚ ਲੋਕਾਂ ਨੇ ਅਟਾਰੀ ਵਿਖੇ ਪਹੁੰਚ ਕੇ ਮਹਾਨ ਜਰਨੈਲ ਸ਼ਾਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਸ. ਸ਼ਾਮ ਸਿੰਘ ਅਟਾਰੀਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਤੋਂ ਪਹਿਲਾਂ ਇੰਡੀਆ ਗੇਟ ਤੋਂ ਅਦਾਕਾਰਾ ਗੁਲਪਨਾਗ ਵਲੋਂ ਅੰਮ੍ਰਿਤਸਰ ਤੋਂ ਅਟਾਰੀ ਤੱਕ ਸਾਈਕਲ ਰੈਲੀ ਕੱਢੀ ਗਈ, ਜਿਸਨੂੰ ਮੇਅਰ ਸ੍ਰ: ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ,ਬ੍ਰਿਗੇਡੀਅਰ ਸ੍ਰੀ ਯੋਗੇਸ਼ ਸ਼ਰਮਾ, ਸ੍ਰੀ ਸੌਰਵ ਜਾਮਵਾਲ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਮੇਅਰ ਸ੍ਰੀ ਭਾਟੀਆ ਨੇ ਸ਼ਹੀਦ ਅਟਾਰੀਵਾਲਾ ਜੀ ਦੇ ਜੀਵਨ ਉੱਤੇ ਵਿਸਥਾਰ ਵਿੱਚ ਚਾਨਣਾ ਪਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਇਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਜਿਸ ਤਹਿਤ ਵਾਹਗਾ ਬਾਰਡਰ ਵਿਖੇ ਜਾਣ ਵਾਲੇ ਯਾਤਰੂਆਂ ਨੂੰ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦੇ ਸਮਾਰਕ ਬਾਰੇ ਜਾਣੂੰ ਕਰਵਾਇਆ ਜਾ ਸਕੇ ਤਾਂ ਜੋ ਨਵੀਂ ਆਉਣ ਵਾਲੀ ਪੀੜ੍ਹੀ ਨੂੰ ਇਸ ਸਬੰਧੀ ਵਧੇਰੇ ਜਾਣਕਾਰੀ ਮਿਲ ਸਕੇ। ਇਸ ਮੌਕੇ ਅਟਾਰੀ ਵਾਲਾ ਪਰਿਵਾਰ ਦੇ ਮੈਂਬਰ ਸ: ਬਰਿੰਦਰ ਸਿੰਘ, ਜਨਰਲ ਸਕੱਤਰ ਸ੍ਰੀ ਹਰਪ੍ਰੀਤ ਸਿੰਘ  ਸਿੱਧੂ, ਬੀਬਾ ਅਮਿਤੇਸ਼ਵਰ ਕੌਰ, ਸ੍ਰੀ ਦਿਨੇਸ਼ ਸਿੰਘ ਸਿੱਧੂ, ਆਪ ਨੇਤਾ ਸ੍ਰੀ ਰਵਿੰਦਰ ਹੰਸ,ਸ: ਮੁਖਵਿੰਦਰ ਸਿੰਘ ਵਿਰਦੀ, ਜੱਗਾ ਮਜੀਠੀਆ, ਸ੍ਰੀ ਮੋਤੀ ਲਾਲ, ਪ੍ਰਿਤਪਾਲ ਸਿੰਘ, ਸ: ਦਵਿੰਦਰ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜਰ ਸਨ।