- ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਦੌਰਾਨ ਫੜੀ ਗਈ 435 ਕਿੱਲੋ ਸਿੰਗਲ ਯੂਜ਼ ਪਲਾਸਟਿਕ
ਤਰਨ ਤਾਰਨ, 27 ਜੂਨ : ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ, ਉਪ ਮੰਡਲ ਮੈਜਿਸਟਰੇਟ ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਕਾਰਜ ਸਾਧਕ ਅਫਸਰ ਨਗਰ ਕੌਸਲ ਤਰਨ ਤਾਰਨ ਸ੍ਰੀ ਕਮਲਜੀਤ ਸਿੰਘ ਦੀ ਅਗਵਾਈ ਵਿੱਚ ਸਮੁੱਚੀ ਟੀਮ ਤਿਆਰ ਕਰਕੇ ਤਰਨ ਤਾਰਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਸਿੰਗਲ ਯੂਜ਼ ਪਲਾਸਟਿਕ ਫੜਨ ਲਈ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਸ਼ਹਿਰ ਵਿੱਚੋਂ ਜੰਡਿਆਲਾ ਰੋਡ ਰੇਲਵੇ ਫਾਟਕ ਨੇੜੇ, ਗਾਂਧੀ ਪਾਰਕ ਨੇੜੇ, ਚਾਰ ਖੰਬਾ ਚੌਕ ਤੋਂ ਲਗਭਗ 435 ਕਿੱਲੋ ਸਿੰਗਲ ਯੂਜ਼ ਪਲਾਸਟਿਕ ਛਾਪੇਮਾਰੀ ਦੌਰਾਨ ਫੜੀ ਗਈ ਅਤੇ ਇਹ ਸਮਾਨ ਮੌਕੇ ‘ਤੇ ਜ਼ਬਤ ਕਰ ਲਿਆ ਗਿਆ ਅਤੇ ਇਹਨਾਂ ਦੁਕਾਨਦਾਰਾਂ ਦੇ ਮੌਕੇ ‘ਤੇ ਚਲਾਨ ਵੀ ਕੀਤੇ ਗਏ, ਜਿਸ ਦਾ ਇਹਨਾਂ ਪਾਸੋਂ ਜੁਰਮਾਨਾ ਵਸੂਲ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ ਨੇ ਦੱਸਿਆ ਕਿ ਦੁਕਾਨਦਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਮੁਕੰਮਲ ਤੌਰ ‘ਤੇ ਬੰਦ ਕੀਤੀ ਜਾਵੇ ਨਹੀਂ ਤਾਂ ਲਗਾਤਾਰ ਕਾਰਵਾਈਆਂ ਕਰਦਿਆਂ ਜੁਰਮਾਨਾ ਲਗਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਖਰੀਦਦਾਰੀ ਕਰਨ ਸਮੇਂ ਘਰ ਤੋਂ ਹੀ ਕਪੜੇ ਦੇ ਬਣੇ ਬੈਗ ਲੈ ਕੇ ਜਾਇਆ ਜਾਵੇ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਜੋ ਕਿ ਸਿਹਤ ਅਤੇ ਵਾਤਾਵਰਣ ਲਈ ਹਾਨੀਕਾਰਕ ਹੈ, ਇਸ ਲਈ ਇਸ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਹੈ ਅਤੇ ਦੁਕਾਨਦਾਰਾਂ ਤੇ ਗ੍ਰਾਹਕਾਂ ਨੂੰ ਪਲਾਸਟਿਕ ਉਤਪਾਦਾਂ ਦੀ ਵਰਤੋਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ।