ਅੰਮ੍ਰਿਤਸਰ, 1 ਅਪ੍ਰੈਲ : ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਹਲਕੇ ਵਿਚ ਗੁਰਮਤਿ ਸਮਾਗਮ ਉਲੀਕਣ ਲਈ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਪ੍ਰਚਾਰਕ ਸਿੰਘਾਂ ਨਾਲ ਮੀਟਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦਾ 450 ਸਾਲਾ ਜੋਤੀ ਜੋਤਿ ਦਿਵਸ ਸਤੰਬਰ ਮਹੀਨੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਵੱਡੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਨੂੰ ਸਮਰਪਤ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਕੇ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਪ੍ਰੋਗਰਾਮ ਉਲੀਕਿਆ ਗਿਆ ਹੈ। ਭਾਈ ਅਭਿਆਸੀ ਨੇ ਕਿਹਾ ਕਿ ਇਸ ਸਬੰਧ ਵਿਚ ਪ੍ਰਚਾਰਕ ਸਿੰਘਾਂ ਨਾਲ ਵਿਚਾਰ ਚਰਚਾ ਕਰਕੇ ਪ੍ਰੋਗਰਾਮ ਦੀ ਵਿਉਂਤਬੰਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਚਾਰਕ ਜਥਿਆਂ ਦੇ ਰੂਪ ਵਿਚ ਸੰਗਤਾਂ ਤੱਕ ਪਹੁੰਚ ਕਰਕੇ ਗੁਰਬਾਣੀ, ਸਿੱਖ ਸਿਧਾਂਤਾਂ, ਇਤਿਹਾਸ ਸਬੰਧੀ ਪ੍ਰਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪ੍ਰਚਾਰਕ ਜਥੇ ਸੰਗਤਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਬਣ ਰਹੀਆਂ ਵੋਟਾਂ ਬਣਾਉਣ ਲਈ ਵੀ ਪ੍ਰੇਰਣਾ ਕਰਨਗੇ। ਇਸ ਮੌਕੇ ਪ੍ਰਚਾਰਕ ਭਾਈ ਇੰਦਰਜੀਤ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਸਤਵੰਤ ਸਿੰਘ, ਸ. ਮਲਕੀਤ ਸਿੰਘ ਸਖੀਰਾ ਤੇ ਬੀਬੀ ਅਮਨਦੀਪ ਕੌਰ ਮੌਜੂਦ ਸਨ।