- ਏ.ਡੀ.ਸੀ. ਸੁਭਾਸ਼ ਚੰਦਰ ਨੇ ਕੌਮੀ ਝੰਡਾ ਲਹਿਰਾਇਆ
- ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ
- ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ
ਗੁਰਦਾਸਪੁਰ, 23 ਜਨਵਰੀ : ਅੱਜ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਵੱਲੋਂ ਨਿਭਾਈ ਗਈ। ਮੁੱਖ ਮਹਿਮਾਨ ਵੱਲੋਂ ਪਰੇਡ ਦਾ ਮੁਆਇਨਾ ਕਰਨ ਤੋਂ ਬਾਅਦ ਪਰੇਡ ਕਮਾਂਡਰ ਦਿਲਪ੍ਰੀਤ ਸਿੰਘ ਆਈ.ਪੀ.ਐੱਸ. ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਸਿੰਘ ਘੁੰਮਣ ਅਤੇ ਸਹਾਇਕ ਕਮਿਸ਼ਨਰ (ਜ) ਮੈਡਮ ਅਰਵਿਨ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਸ਼ਾਮਲ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਗਣਤੰਤਰ ਦਿਵਸ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਪੂਰੇ ਉਤਸ਼ਾਹ ਨਾਲ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਮਾਂ ਰਹਿੰਦਿਆਂ ਮੁਕੰਮਲ ਕਰ ਲੈਣ ਅਤੇ ਇਸ ਸਮਾਗਮ ਦੀ ਸਫ਼ਲਤਾ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਲਾਜ਼ਮੀ ਹੈ। ਇਸਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਸੱਦਾ ਦਿੱਤਾ ਹੈ ਕਿ ਉਹ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਸਮਾਗਮ ਦੀਆਂ ਰੌਣਕਾਂ ਨੂੰ ਵਧਾਉਣ। ਅੱਜ ਦੀ ਰਿਹਰਸਲ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਮਤਾ ਖੁਰਾਣਾ ਸੇਠੀ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਸ਼ਾਮ ਸਿੰਘ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ, ਤਹਿਸੀਲਦਾਰ ਗੁਰਦਾਸਪੁਰ ਸ੍ਰੀਮਤੀ ਰਾਜਵਿੰਦਰ ਕੌਰ, ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ ਸ. ਹਰਚਰਨ ਸਿੰਘ ਕੰਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।