ਫਿਲਮ ਦਾਸਤਾਨ-ਏ-ਸਰਹਿੰਦ ਦੀ ਰਿਲੀਜ਼ ‘ਤੇ ਰੋਕ ਲਗਾਈ ਜਾਵੇ : ਪ੍ਰਧਾਨ ਧਾਮੀ

ਅੰਮ੍ਰਿਤਸਰ ਸਾਹਿਬ : ਫਿਲਮ ਦਾਸਤਾਨ-ਏ-ਸਰਹਿੰਦ ਨੂੰ ਲੈ ਕੇ ਸਿੱਖ ਭਾਈਚਾਰੇ ‘ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਫਿਲਮ ਵਿਚ ਸਿੱਖ ਇਤਿਹਾਸ ਨੂੰ ਲੈ ਕੇ ਜੋ ਦਿਖਾਇਆ ਗਿਆ ਹੈ, ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਇਸ ਫਿਲਮ ਨੂੰ ਰਿਲੀਜ਼ ਕਰਨ ਦੀ ਇਜਾਜ਼ਤ ਅਸੀਂ ਨਹੀਂ ਦਿੱਤੀ ਤਾਂ ਫਿਰ ਕਿਸ ਤਰ੍ਹਾਂ ਇਹ ਫਿਲਮ ਸਿਨੇਮਾ ਘਰਾਂ ਵਿਚ ਚੱਲ ਰਹੀ ਹੈ। ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਤਾਂ ਛੋਟੇ ਸਾਹਿਬਜ਼ਾਦਿਆਂ ਨੂੰ ਐਨੀਮੇਸ਼ਨ ਜ਼ਰੀਏ ਸਿਨੇਮਾ ਘਰਾਂ ਵਿਚ ਦਿਖਾਇਆ ਗਿਆ ਪਰ ਹੁਣ ਤਾਂ ਛੋਟੇ ਸਾਹਿਬਜ਼ਾਦਿਆਂ ਦੇ ਬਰਾਬਰ ਆਮ ਇਨਸਾਨਾਂ ਨੂੰ ਸਵਾਲ ਜਵਾਬ ਕਰਦੇ ਦਿਖਾਇਆ ਗਿਆ ਹੈ ਜਿਸ ਨੂੰ ਸਿੱਖ ਭਾਈਚਾਰਾ ਕਦੇ ਬਰਦਾਸ਼ਤ ਨਹੀਂ ਕਰੇਗਾ। ਇਸ ਫਿਲਮ ਦੇ ਰਿਲੀਜ਼ ’ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧ ਵਿਚ ਤੁਰੰਤ ਲੋੜੀਂਦੀ ਕਾਰਵਾਈ ਕਰੇ ਅਤੇ ਇਸ ਦੇ ਨਾਲ ਹੀ ਫਿਲਮ ਸੈਂਸਰ ਬੋਰਡ ਵੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਇਸ ਫਿਲਮ ਨੂੰ ਜਾਰੀ ਹੋਣ ਤੋਂ ਰੋਕਣ ਸਬੰਧੀ ਕਈ ਜਥੇਬੰਦੀਆਂ ਅਤੇ ਸੰਗਤ ਵੱਲੋਂ ਆਪਣਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਸਬੰਧੀ ਬਹੁਤ ਸਾਰੇ ਇਤਰਾਜ਼ ਸ਼੍ਰੋਮਣੀ ਕਮੇਟੀ ਪਾਸ ਵੀ ਪੁੱਜੇ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਤੋਂ ਵੱਡਾ ਕੋਈ ਨਹੀਂ ਹੈ, ਇਸ ਲਈ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਈ ਜਾਣੀ ਚਾਹੀਦੀ ਹੈ ਤੇ ਜੇਕਰ ਫਿਲਮ ਚੱਲਦੀ ਹੈ ਤਾਂ ਇਸ ਫਿਲਮ ਨੂੰ ਬਣਾਉਣ ਵਾਲਿਆਂ ਤੇ ਚਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।