
ਅੰਮ੍ਰਿਤਸਰ, 30 ਜਨਵਰੀ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਸੌਦਾ ਸਾਧ ਨੂੰ ਵਾਰ-ਵਾਰ ਸਰਕਾਰ ਵਲੋਂ ਦਿੱਤੀ ਜਾ ਰਹੀ ਪੈਰੋਲ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਖਿਆ ਕਿ ਸਰਕਾਰ ਡੇਰਾ ਮੁਖੀ ਵਰਗੇ ਸੰਗੀਨ ਅਪਰਾਧੀ ਨੂੰ ਵਾਰ-ਵਾਰ ਪੈਰੋਲ ਦੇ ਕੇ ਅਤੇ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਰਿਹਾਅ ਨਾ ਕਰਕੇ ਸਿੱਖਾਂ ਨੂੰ ਦੇਸ਼ ਅੰਦਰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖ਼ਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੌਦਾ ਸਾਧ ਨੂੰ ਸਰਕਾਰ ਵਲੋਂ ਆਪਣੇ ਰਾਜਨੀਤਕ ਹਿਤਾਂ ਲਈ ਵਾਰ-ਵਾਰ ਰਿਹਾਅ ਕਰ ਕੇ ਕਾਨੂੰਨ ਪ੍ਰਤੀ ਵਿਸ਼ਵਾਸ ਦੀ ਸਮੂਹਿਕ ਭਾਵਨਾ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਦਹਾਕਿਆਂ ਤੋਂ ਜੇਲ੍ਹਾਂ ’ਚ ਨਜ਼ਰਬੰਦ ਹਨ ਅਤੇ ਉਨ੍ਹਾਂ ਨੂੰ ਰਿਹਾਅ ਕਰਨ ਤੋਂ ਸਰਕਾਰ ਸਾਫ਼ ਮੁਨਕਰ ਹੋ ਰਹੀ ਹੈ ਅਤੇ ਦੂਜੇ ਪਾਸੇ ਆਪਣੀਆਂ ਸਾਧਵੀਆਂ ਨਾਲ ਜ਼ਬਰ-ਜਨਾਹ ਅਤੇ ਕਤਲ ਵਰਗੇ ਸੰਗੀਨ ਅਪਰਾਧਾਂ ਲਈ ਸਜ਼ਾ ਯਾਫਤਾ ਸੌਦਾ ਸਾਧ ਨੂੰ ਵਾਰ-ਵਾਰ ਪੈਰੋਲ ਦੇਣੀ ਦੇਸ਼ ਦੀ ਜਮਹੂਰੀਅਤ ਲਈ ਵੀ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਸਰਕਾਰ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਦੇਸ਼ ਵਿਚ ਤੀਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਹਾਰ ਕੀਤਾ ਜਾਣ ਕਰਕੇ ਸਿੱਖਾਂ ਵਿਚ ਅਲਹਿਦਗੀ ਦੀ ਭਾਵਨਾ ਪ੍ਰਬਲ ਹੋ ਰਹੀ ਹੈ, ਜੋ ਕਿ ਸਿੱਖਾਂ ਦੀਆਂ 80 ਫੀਸਦੀ ਤੋਂ ਵੱਧ ਕੁਰਬਾਨੀਆਂ ਨਾਲ ਆਜ਼ਾਦ ਹੋਏ ਭਾਰਤ ਦੀ ਜਮਹੂਰੀਅਤ ਲਈ ਸ਼ਰਮਨਾਕ ਹੈ।