- ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ
ਬਟਾਲਾ, 13 ਅਕਤੂਬਰ : ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵਲੋਂ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਡਾ ਸ਼ਾਇਰੀ ਭੰਡਾਰੀ, ਐਸਡੀਐਮ ਬਟਾਲਾ ਨੇ ਝੋਨੇ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਇਸ ਮੌਕੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਦਾਣਾ ਮੰਡੀ ਵਿੱਚ ਖ਼ਰੀਦ ਦੌਰਾਨ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਦਰਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਖ਼ਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਵੀ ਨਾਲੋ-ਨਾਲ ਕਰਨੀ ਯਕੀਨੀ ਬਣਾਈ ਜਾਵੇ। ਐਸਡੀਐਮ ਬਟਾਲਾ ਨੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਖ੍ਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ ਜਾਂ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਦਿਆਂ ਇਸ ਦੀ ਸਾਂਭ-ਸੰਭਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਪ੍ਰਭਾਵ ਪੈਂਦੇ ਹਨ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਫਸਲ ਵੇਚਣ ਆਏ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮੰਡੀ ਬੋਰਡ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ ’ਤੇ ਇਹ ਯਕੀਨੀ ਬਣਾਉਣ ਕਿ ਕਿਸਾਨ ਦੀ ਫਸਲ ਪੂਰੇ ਤੋਲ ਅਤੇ ਭਾਅ ਉੱਪਰ ਹੀ ਵਿਕੇ।ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਬੈਠਣ ਲਈ ਛਾਂ, ਪੀਣ ਵਾਲੇ ਪਾਣੀ, ਟਾਇਲਟ, ਬਿਜਲੀ ਅਤੇ ਸਫਾਈ ਆਦਿ ਦੇ ਪ੍ਰਬੰਧਾਂ ਵਿੱਚ ਕੋਈ ਕਮੀਂ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਖਰੀਦੇ ਗਏ ਝੋਨੇ ਦੀ ਲਿਫਟਿੰਗ ਵੀ ਨਾਲ ਦੀ ਨਾਲ ਹੀ ਕੀਤੀ ਜਾਵੇ ਤਾਂ ਜੋ ਮੰਡੀਆਂ ਵਿੱਚ ਫ਼ਸਲ ਦੇ ਢੇਰ ਨਾ ਲੱਗਣ।